
1, ਮਈ – ਪਾਣੀਆਂ ਨੂੰ ਲੈ ਕੇ ਇੱਕ ਵਾਰ ਮੁੜ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਸਰਕਾਰ ਨੇ ਵਾਧੂ ਪਾਣੀ ਦੇਣ ਤੋਂ ਇਨਕਾਰ ਕੀਤਾ ਤਾਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾ ਦਿੱਤਾ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਸਟੈਂਡ ਲਿਆ ਹੈ। ਇਸ ਲਈ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਫ਼ੈਸਲੇ ਨੂੰ ਲੈ ਕੇ ਸੂਬੇ ਭਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਬੀਜੇਪੀ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ।
ਡੈਮ ਦੀ ਸੁਰੱਖਿਆ ਵਧਾਈ
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਬੀਬੀਐਮਬੀ ਵੱਲੋਂ ਹਰਿਆਣਾ ਦੇ ਪੱਖ ’ਚ ਸੁਣਾਏ ਫੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੂੰ ਡੈਮ ਕੋਲ ਤਾਇਨਾਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਵਾਧੂ ਪਾਣੀ ਹਰਿਆਣਾ ਨੂੰ ਦੇਣ ਤੋਂ ਰੋਕਣ ਲਈ ਸਾਰੇ ਤਰੀਕੇ ਅਪਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਵੱਡੀ ਗਿਣਤੀ ਵਿਚ ਪੁਲਿਸ ਡੈਮ ਲਾਗੇ ਪਹੁੰਚ ਗਈ ਹੈ।
ਆਮ ਆਦਮੀ ਪਾਰਟੀ ਵੱਲੋਂ ਐਕਸ਼ਨ ਦਾ ਐਲਾਨ
ਉਧਰ, ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਫ਼ੈਸਲੇ ਨੂੰ ਲੈ ਕੇ ਸੂਬਾ ਭਰ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ‘ਆਪ’ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਰਾਹੀਂ ਪੰਜਾਬ ਦੇ ਪਾਣੀ ਨੂੰ ਹਰਿਆਣਾ ਨੂੰ ਦੇਣ ਦੇ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਫੈਸਲਾ ਸਿੱਧੇ ਤੌਰ ’ਤੇ ਪੰਜਾਬ ਦੇ ਹੱਕਾਂ ਉੱਤੇ ਹਮਲਾ ਹੈ ਅਤੇ ਇਹ ਸੂਬੇ ਦੇ ਕਿਸਾਨਾਂ ਤੇ ਆਮ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ‘ਆਪ’ ਨੇ ਐਲਾਨ ਕੀਤਾ ਕਿ ਇਸ ਫੈਸਲੇ ਦੇ ਵਿਰੋਧ ਵਿੱਚ ਅੱਜ ਪੰਜਾਬ ਦੇ ਹਰ ਜ਼ਿਲ੍ਹੇ ’ਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਦਾ ਘਿਰਾਓ
ਆਮ ਆਦਮੀ ਪਾਰਟੀ ਵੱਲੋ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਹਜ਼ਾਰਾਂ ਵਰਕਰ ਲੈਣਗੇ ਹਿੱਸਾ ਲੈਣਗੇ। ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਾਈ ਜਾਰੀ ਰਖੇਗੀ। ਪਾਰਟੀ ਇਹ ਸਪਸ਼ਟ ਕਰਨਾ ਚਾਹੁੰਦੀ ਹੈ ਕਿ ਪੰਜਾਬ ਦੇ ਪਾਣੀ ’ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਸਰਕਾਰ ਇਹ ਹੱਕ ਖੋਹ ਨਹੀਂ ਸਕਦੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੇਤਾਵਨੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇੱਕ ਪੋਸਟ ਵਿਚ ਬੀਬੀਐੱਮਬੀ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਭਾਜਪਾ ਨੂੰ ਚਣੌਤੀ ਦਿੱਤੀ ਹੈ ਕਿ ਉਹ ਹੁਣ ਵਿਰੋਧ ਲਈ ਤਿਆਰ ਰਹੇ। ਉਨ੍ਹਾਂ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਬੀਬੀਐਮਬੀ ਜ਼ਰੀਏ ਹਰਿਆਣਾ ਨੂੰ ਦੇਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ, ‘‘ਕੇਂਦਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਖ਼ਿਲਾਫ਼ ਇਕਜੁੱਟ ਹੋ ਗਈ ਹੈ।