
ਮੋਗਾ, 3 ਮਈ – ਪੰਜਾਬ ਦੇ ਮੋਗਾ ਵਾਸੀਆਂ ਲਈ ਸਖਤ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ, ਜੋ ਕਿ 30 ਜੂਨ 2025 ਤੱਕ ਲਾਗੂ ਰਹਿਣਗੀਆਂ।
ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ (ਲਾਈਟਸ ਚੌਕ ਤੋਂ ਦੇਵ ਹੋਟਲ ਚੌਕ) ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ਕਾਰਨ ਆਮ ਲੋਕਾਂ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ, ਵਾਹਨ ਇੱਕ-ਦੂਜੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਵਿੱਚ ਟੱਕਰ ਅਤੇ ਝਗੜੇ ਦੀ ਸਥਿਤੀ ਵੀ ਪੈਦਾ ਕਰ ਸਕਦੇ ਹਨ।
ਇਸ ਲਈ, ਸ਼ਹਿਰ ਦੇ ਮੇਨ ਬਾਜ਼ਾਰ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਵਾਲੀ ਗਲੀ ਨੰਬਰ 9 ਤੋਂ ਦੇਵ ਹੋਟਲ ਚੌਕ ਤੱਕ ਜੀਟੀ ਰੋਡ ਰਾਹੀਂ ਜਾ ਸਕਣਗੇ।
ਇਸ ਤੋਂ ਇਲਾਵਾ, ਮੋਗਾ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਖੋਖਲੇ ਖੂਹਾਂ ਦੀ ਖੁਦਾਈ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕਾਂ ਦੀਆਂ ਜਾਨਾਂ ਵੀ ਗਈਆਂ ਹਨ। ਅਜਿਹੇ ਹਾਦਸਿਆਂ ਨੂੰ ਰੋਕਣ ਲਈ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਮੋਗਾ ਦੇ ਕਾਰਜਕਾਰੀ ਇੰਜੀਨੀਅਰ ਦੀ ਲਿਖਤੀ ਇਜਾਜ਼ਤ ਅਤੇ ਨਿਗਰਾਨੀ ਤੋਂ ਬਿਨਾਂ ਖੋਖਲੇ ਖੂਹ ਪੁੱਟਣ ਜਾਂ ਪੁੱਟੇ ਜਾਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।