
ਅੰਮ੍ਰਿਤਸਰ, 5 ਮਈ – ਰੇਲ ਯਾਤਰੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਨੇ ਇੱਕ ਵਾਰੀ ਫਿਰ ਪੰਜਾਬ ‘ਚ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਢੁੱਕਵਾਂ ਮੁਆਵਜ਼ਾ ਨਹੀਂ ਦੇ ਰਹੀ।
ਕਿਸਾਨਾਂ ਉੱਤੇ ਹੋ ਰਿਹਾ ਜ਼ੁਲਮ
ਉਨ੍ਹਾਂ ਦੇ ਅਨੁਸਾਰ, ਕਿਸਾਨਾਂ ਦੀ ਕਰੋੜਾਂ ਦੀ ਜ਼ਮੀਨ ਸਰਕਾਰ ਵੱਲੋਂ ਥੋੜੇ ਪੈਸਿਆਂ ‘ਚ ਖਰੀਦੀ ਜਾ ਰਹੀ ਹੈ ਅਤੇ ਜੋ ਕਿਸਾਨ ਮੁਆਵਜ਼ੇ ਦੀ ਮੰਗ ਕਰ ਰਹੇ ਹਨ, ਉਨ੍ਹਾਂ ਉੱਤੇ ਜ਼ੁਲਮ ਕੀਤਾ ਜਾ ਰਿਹਾ ਹੈ। ਇਸੀ ਕਾਰਨ, ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ 7 ਮਈ ਨੂੰ ਅੰਮ੍ਰਿਤਸਰ ਦੇ ਦੇਵੀਦਾਸਪੁਰਾ ‘ਚ ਦੁਪਹਿਰ 12 ਵਜੇ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਇਹਨਾਂ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਗੁਰਦਾਸਪੁਰ ਪ੍ਰਸ਼ਾਸਨ ਨੇ ਵਾਰ-ਵਾਰ ਵਾਅਦਾ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਦੇ ਪੈਸੇ ਜਮ੍ਹਾ ਨਹੀਂ ਕਰਵਾਏ ਗਏ, ਉਨ੍ਹਾਂ ਦੀ ਜ਼ਮੀਨ ਜ਼ਬਤ ਨਹੀਂ ਕੀਤੀ ਜਾਵੇਗੀ, ਪਰ ਕਈ ਕਿਸਾਨਾਂ ਦੀ ਜ਼ਮੀਨ ਜ਼ਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਨ੍ਹਾਂ ਦੇ ਅਵਾਰਡ ਅਜੇ ਤੱਕ ਨਹੀਂ ਮਿਲੇ ਹਨ।
ਕਿਸਾਨਾਂ ਦੀਆਂ ਜ਼ਮੀਨ ਉੱਤੇ ਹੋ ਰਿਹਾ ਕਬਜ਼ਾ
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਫਿਰ ਤੋਂ ਜ਼ਮੀਨ ‘ਤੇ ਕਬਜ਼ਾ ਕਰ ਲਿਆ ਹੈ, ਪਰ ਅੱਜ ਫਿਰ ਤੋਂ ਜ਼ਮੀਨ ‘ਤੇ ਕਬਜ਼ਾ ਕਰਨ ਲਈ ਭਾਰੀ ਪੁਲਿਸ ਫੋਰਸ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੈਦੂਕੇ ਪਹੁੰਚ ਗਈ ਹੈ, ਜਿਸ ਤਰ੍ਹਾਂ ਸਰਕਾਰ ਪੁਲਿਸ ਦੀ ਵਰਤੋਂ ਕਰਕੇ ਅਤੇ ਪੰਜਾਬ ਦੇ ਵਿਕਾਸ ਦੇ ਬਹਾਨੇ ਕਾਰਪੋਰੇਟ ਘਰਾਣਿਆਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਕੇ ਲੋਕਾਂ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ, ਪੰਜਾਬ ਸਰਕਾਰ ਨੂੰ ਜਲਦੀ ਹੀ ਇਸ ਦੀ ਕੀਮਤ ਚੁਕਾਉਣੀ ਪਵੇਗੀ।