
ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ‘ਅਪਰੇਸ਼ਨ ਸਿੰਦੂਰ’ ਤਹਿਤ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾਂ ਬਣਾਇਆ ਗਿਆ। ਇਕਦਮ ਹੋਈ ਇਸ ਕਾਰਵਾਈ ਪਿੱਛੋਂ ਪਾਕਿਸਤਾਨ ਦਹਿਸ਼ਤ ਵਿਚ ਹੈ। ਆਪਣੀ ਨਿਰਾਸ਼ਾ ਜ਼ਾਹਰ ਕਰਦੇ ਹੋਏ ਪਾਕਿਸਤਾਨ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ‘ਤੇ ਰਾਤ ਭਰ ਗੋਲੀਬਾਰੀ ਕੀਤੀ। ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਉਤੇ ਪਾਕਿਸਤਾਨੀ ਫੌਜਾਂ ਵੱਲੋਂ ਰਾਤ ਭਰ ਕੀਤੀ ਗਈ ਭਾਰੀ ਗੋਲੀਬਾਰੀ ਵਿੱਚ 10 ਨਾਗਰਿਕ ਮਾਰੇ ਗਏ ਅਤੇ 20 ਜ਼ਖਮੀ ਹੋਏ ਹਨ। ਰੱਖਿਆ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ਉਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਪਾਕਿਸਤਾਨੀ ਫੌਜ ਵੱਲੋਂ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਬਾਰੇ ਉਨ੍ਹਾਂ ਕਿਹਾ ਕਿ ਭਾਰਤੀ ਫੌਜ ਵੀ ਗੋਲਾਬਾਰੀ ਦਾ ਮੋੜਵਾਂ ਜਵਾਬ ਦੇ ਰਹੀ ਹੈ। ਗੋਲੀਬਾਰੀ ਵਿੱਚ ਦੋ ਸੀਆਰਪੀਐਫ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਦੀ ਹਾਲਤ ਸਥਿਰ ਹੈ। ਅਧਿਕਾਰੀਆਂ ਨੇ ਕਿਹਾ, “ਇੱਕ ਗੋਲਾ ਬੱਸ ਸਟੈਂਡ ਉਤੇ ਡਿੱਗਿਆ, ਜਿਸ ਨਾਲ ਇਕ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ।” ਸੂਤਰਾਂ ਨੇ ਦੱਸਿਆ ਕਿ 6 ਅਤੇ 7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਸਾਹਮਣੇ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੀਆਂ ਚੌਕੀਆਂ ਤੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ।