
7, ਮਈ – ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਸ਼ਰਧਾਲੂਆਂ ਦੀ ਸੁਰੱਖਿਆ ਸੰਬੰਧੀ ਉਪਰੋਕਤ ਵੱਡਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਹਵਾਈ ਅੱਡੇ ਦੀਆਂ ਸਾਰੀਆਂ 22 ਉਡਾਣਾਂ 10 ਮਈ ਸ਼ਾਮ 5.30 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੋਕ ਦਿੱਤੀਆਂ ਗਈਆਂ ਹਨ।
ਦੱਸ ਦੇਈਏ ਕਿ ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਸਵੇਰੇ 1.05 ਵਜੇ ਤੋਂ 1.30 ਵਜੇ ਤੱਕ ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਸ ਸਮੇਂ ਦੌਰਾਨ 9 ਥਾਵਾਂ ‘ਤੇ 100 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ। ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਦੇ 5 ਜ਼ਿਲ੍ਹਿਆਂ – ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।
ਫਿਰੋਜ਼ਪੁਰ ਵਿੱਚ ਸਕੂਲ ਬੰਦ
ਫਿਰੋਜ਼ਪੁਰ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਕਾਰਨ ਸਰਹੱਦੀ ਜ਼ਿਲ੍ਹੇ ਵਿੱਚ ਸਕੂਲ ਬੰਦ ਰਹਿਣਗੇ।
ਸਰਹੱਦੀ ਪਿੰਡਾਂ ਵਿੱਚ ਵਿਧਾਇਕਾਂ ਦੇ ਪ੍ਰੋਗਰਾਮ ਰੱਦ
ਅੰਮ੍ਰਿਤਸਰ ਦੇ ਸਰਹੱਦੀ ਪਿੰਡਾਂ ਵਿੱਚ ਵਿਧਾਇਕਾਂ ਵੱਲੋਂ ਨਸ਼ਿਆਂ ਵਿਰੁੱਧ ਜੰਗ ਆਦਿ ਵਰਗੇ ਵੱਖ-ਵੱਖ ਸਰਕਾਰੀ ਪ੍ਰੋਗਰਾਮ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੇ ਗਏ ਹਨ।