ਪਾਕਿ ਵਲੋਂ ਨਾਗਰਿਕ ਖੇਤਰਾਂ ਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਖਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ, 10 ਮਈ – ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਪਾਕਿਸਤਾਨ ਸਰਕਾਰ ਵੱਲੋਂ ਨਾਗਰਿਕ ਖੇਤਰਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਨਾਲ ਨਿਹੰਗ ਸਿੱਖਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਪਾਕਿਸਤਾਨ ਨੂੰ ਸਿੱਖ ਭਾਈਚਾਰੇ ਨੂੰ ਵੰਡਣ ਵਿਰੁੱਧ ਚੇਤਾਵਨੀ ਦਿੱਤੀ। ਇਸ ਮੌਕੇ ਪ੍ਰਦਰਸ਼ਨਕਾਰੀਆ ਨੇ ਪਾਕਿਸਤਾਨੀ  ਫੌਜ ਦੇ ਮੁਖੀ ਅਸੀਮ ਮੁਨੀਰ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਉਨ੍ਹਾਂ ਦੀ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਵੀ ਕੀਤੀ।

ਸ੍ਰੀ ਔਜਲਾ ਨੇ ਕਿਹਾ ਕਿ ਪਾਕਿਸਤਾਨੀ ਫੌਜ ਜੰਮੂ-ਕਸ਼ਮੀਰ ਤੋਂ ਰਾਜਸਥਾਨ ਅਤੇ ਗੁਜਰਾਤ ਤੱਕ ਨਾਗਰਿਕ ਖੇਤਰਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਸਿੱਖ ਭਾਈਚਾਰੇ ਨੂੰ ਵੰਡਣ ਲਈ ਝੂਠਾ ਪ੍ਰਚਾਰ ਵੀ ਕਰ ਰਹੀ ਹੈ। ਉਹ ਇਹ ਝੂਠਾ ਪ੍ਰਚਾਰ ਕਰ ਰਹੇ ਹਨ ਕਿ ਪਾਕਿਸਤਾਨ ਫੌਜ ਸਿੱਖਾਂ ‘ਤੇ ਹਮਲਾ ਨਹੀਂ ਕਰ ਰਹੀ ਹੈ ਜਦੋਂ ਕਿ ਪੁਣਛ ਵਿਚ ਗੁਰਦੁਆਰੇ ਤੇ ਹਮਲਾ ਕੀਤਾ ਹੈ, ਜਿਥੇ ਕਈ ਸਿੱਖ ਮਾਰੇ ਗਏ ਹਨ ਅਤੇ ਜ਼ਖਮੀ ਵੀ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਭਾਰਤ ਦੇ ਨਾਲ ਖੜ੍ਹੇ ਹਨ ਅਤੇ ਉਹ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ।

ਸਾਂਝਾ ਕਰੋ

ਪੜ੍ਹੋ