
ਚੰਡੀਗੜ੍ਹ, 12 ਮਈ – ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਸੋਮਵਾਰ ਯਾਨੀਕਿ 12 ਮਈ 2025 ਤੋਂ ਪੰਜਾਬ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਹੋਰ ਸਿੱਖਿਆ ਸੰਸਥਾਵਾਂ ਰੋਜ਼ਾਨਾ ਦੀ ਤਰ੍ਹਾਂ ਖੁੱਲਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਸਿੱਖਿਆ ਸੰਸਥਾਵਾਂ ਵਿੱਚ ਨਿਯਮਤ ਕਲਾਸਾਂ ਲੱਗਣਗੀਆਂ ਅਤੇ ਇਮਤਿਹਾਨ ਵੀ ਪਹਿਲਾਂ ਤੋਂ ਤੈਅ ਕੀਤੇ ਸ਼ੈਡਿਊਲ ਅਨੁਸਾਰ ਹੀ ਹੋਣਗੇ। ਉਹਨਾਂ ਕਿਹਾ ਕਿ ਸਾਨੂੰ ਆਪਣੇ ਬਹਾਦੁਰ ਸੈਨਿਕਾਂ ਦੀ ਬਹਾਦਰੀ ‘ਤੇ ਬਹੁਤ ਮਾਣ ਹੈ।
ਹਰਜੋਤ ਸਿੰਘ ਬੈਂਸ ਨੇ ਵਿੱਦਿਅਕ ਸੰਸਥਾਵਾਂ ਨੂੰ ਸਰਕਾਰ ਦੁਆਰਾ ਜਾਰੀ ਸੁਰੱਖਿਆ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਵਿਦਿਆਰਥੀਆਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਹਾਲਾਤ ਆਮ ਵਾਂਗ ਹੋ ਗਏ ਹਨ, ਤਾਂ ਵਿਦਿਅਕ ਸੰਸਥਾਵਾਂ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ। ਉਥੇ ਹੀ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਚਲਦੇ ਬਣੀ ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਸੀਜ਼ਫ਼ਾਇਰ ਤੋਂ ਬਾਅਦ ਜ਼ਿਲ੍ਹੇ ਦੀ ਸਥਿਤੀ ਪੂਰੀ ਤਰ੍ਹਾਂ ਨਾਰਮਲ ਹੋ ਗਈ ਹੈ। ਇਸ ਲਈ 12 ਮਈ ਤੋਂ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਕਾਲਜ ਨਿਰਧਾਰਤ ਸਮੇਂ ਅਨੁਸਾਰ ਲੱਗਣਗੇ। ਉਨ੍ਹਾਂ ਜ਼ਿਲ੍ਹੇ ਦੇ ਨਿਵਾਸੀਆਂ ਵਲੋਂ ਬਹੁਤ ਹੀ ਤਣਾਅਪੂਰਨ ਮਾਹੌਲ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਇਹ ਵਾਲੇ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
ਇਸ ਤੋਂ ਇਲਾਵਾ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਥਾਨਕ ਹਾਲਾਤਾਂ ਦੇ ਆਧਾਰ ‘ਤੇ ਸਕੂਲ ਖੋਲ੍ਹਣ ਜਾਂ ਬੰਦ ਕਰਨ ਸਬੰਧੀ ਫ਼ੈਸਲਾ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਕਰਕੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ 12 ਮਈ ਨੂੰ ਵੀ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਵਿਦਿਅਕ ਸੰਸਥਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅੰਮ੍ਰਿਤਸਰ, ਗੁਰਦਾਸਪੁਰ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਦੇ ਵਿੱਚ ਵੀ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ ਯੂਨਿਵਰਸਿਟੀ ਵਿੱਦਿਅਕ ਅਦਾਰੇ 12 ਮਈ 2025 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ