
ਅੰਮ੍ਰਿਤਸਰ, 15 ਮਈ – ਪਿਛਲੇ ਦਿਨੀਂ ਫਿਰੋਜ਼ਪੁਰ ਵਿੱਚ ਹੋਏ ਡਰੋਨ ਹਮਲੇ ਵਿੱਚ ਪਿੰਡ ਖਾਈ ਫੇਮੇ ਵਿੱਚ ਮਾਤਾ ਸੁਖਵਿੰਦਰ ਕੌਰ ਦੀ ਮਤ ਹੋ ਗਈ ਸੀ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਮਲੇ ਵਿੱਚ ਲਖਵਿੰਦਰ ਸਿੰਘ ਦੇ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋਏ ਸਨ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਮਾਂ ਦੀ ਕਮੀਂ ਪੂਰੀ ਨਹੀਂ ਕੀਤੀ ਜਾ ਸਕਦੀ, ਪਰ ਉਹ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨਗੇ। ਡਰੋਨ ਹਮਲੇ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ ਤਿੰਨ ਮੈਂਬਰ ਸੜ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਮਾਤਾ ਸੁਖਵਿੰਦਰ ਕੌਰ ਦੀ ਮੌਤ ਹੋ ਗਈ। ਇੱਕ ਹੋਰ ਮੈਂਬਰ ਦੀ ਹਾਲਤ ਅਜੇ ਵੀ ਗੰਭੀਰ ਹੈ।
ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਪੀੜਤ ਪਰਿਵਾਰ ਨੂੰ ਮਿਲਣ ਆਇਆ ਸੀ। ਇਸ ਵਿੱਚ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ, ਸਤਪਾਲ ਸਿੰਘ ਤਲਵੰਡੀ, ਪ੍ਰੀਤਮ ਸਿੰਘ ਮਲਸੀਆਂ ਅਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਸਨ। ਵਫ਼ਦ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਜ਼ਿਕਰ ਕਰ ਦਈਏ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਬਦਲਾ ਲੈਂਦਿਆਂ ਹੋਇਆਂ ਆਪਰੇਸ਼ਨ ਸਿੰਦੂਰ ਚਲਾਇਆ ਸੀ ਜਿਸ ਤੋਂ ਬਾਅਦ ਦੋਹਾਂ ਮੁਲਕਾਂ ਵਿਚਕਾਰ ਜੰਗੀ ਮਾਹੌਲ ਬਣ ਗਿਆ ਸੀ, ਜਿਸ ਦੌਰਾਨ ਪਾਕਿਸਤਾਨ ਵਲੋਂ ਡਰੋਨ ਹਮਲੇ ਕੀਤੇ ਗਏ ਜਿਸ ਵਿੱਚ ਇਹ ਪਰਿਵਾਰ ਜ਼ਖ਼ਮੀ ਹੋ ਗਿਆ ਸੀ। ਇੱਥੇ ਤੁਹਾਨੂੰ ਇਹ ਵੀ ਦੱਸ ਦਿੰਦੇ ਹਾਂ ਕਿ ਪ੍ਰਸ਼ਾਸਨ ਵਲੋਂ ਬਲੈਕਆਊਟ ਕੀਤਾ ਗਿਆ ਸੀ ਅਤੇ ਸਾਰਿਆਂ ਨੂੰ ਲਾਈਟਾਂ ਬੰਦ ਕਰਨ ਲਈ ਕਿਹਾ ਗਿਆ ਸੀ।