
ਚੰਡੀਗੜ੍ਹ, 19 ਮਈ – ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨੇ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਬੈਠੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨਲਾਈਨ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕਮੇਟੀ ਵੱਲੋਂ ਭਰਤੀ ਦੇ ਅਮਲ ਨੂੰ 18 ਜੂਨ ਤੱਕ ਮੁਕੰਮਲ ਕੀਤਾ ਜਾਵੇਗਾ। ਭਰਤੀ ਕਮੇਟੀ ਦੇ ਮੈਂਬਰਾਂ ਮਨਪ੍ਰੀਤ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਅੱਜ ਇਥੇ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਲਈ ਆਨਲਾਈਨ ਪੋਰਟਲ www.akalidalbharti.com ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨਾਲ ਵਿਦੇਸ਼ਾਂ ਵਿੱਚ ਬੈਠੇ ਲੋਕ ਵੀ ਪਾਰਟੀ ਨਾਲ ਜੁੜ ਸਕਣਗੇ।