— ਹਾੜੀ ਸੀਜਨ 2025-26 ਦੌਰਾਨ ਸਰਕਾਰੀ ਏਜੰਸੀਆਂ ਵੱਲੋਂ 119.23 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ
— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਸ਼ਲਾਘਾ
ਮੋਹਾਲੀ, 20 ਮਈ (ਗਿਆਨ ਸਿੰਘ/ਏ ਡੀ ਪੀ ਨਿਊਜ ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਾੜੀ ਸੀਜਨ 2025-26 ਦੌਰਾਨ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਗਏ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਪੱਧਰ ਤੇ 130.07 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਸਰਕਾਰੀ ਏਜੰਸੀਆਂ ਨੇ 119.23 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 38,21,965 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,02,215 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31,33,676 ਮੀਟ੍ਰਿਕ ਟਨ, ਪਨਸਪ ਵੱਲੋਂ 28,12,180 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 18,53,240 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ 10.83 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਮੰਡੀਆਂ ਵਿੱਚੋਂ 120.68 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਸੰਗਰੂਰ ਵਿੱਚ 9,50,267 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ, ਜਿਸ ਤੋਂ ਬਾਅਦ ਦੂਜੇ ਨੰਬਰ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ 9,10,348 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਪਟਿਆਲਾ ਵਿੱਚ 8,97,913 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 27898.77 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਖਰੀਦ ਕਾਰਜ ਸ਼ੁਰੂ ਹੋਣ ਤੋਂ ਪਹਿਲਾ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ, ਜਿਸਦੇ ਤਹਿਤ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਅਤੇ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ ਕੰਟਰੋਲ ਰੂਮ ਦੀ ਸਥਾਪਨਾ ਵੀ ਕੀਤੀ ਗਈ ਸੀ, ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ।
ਇਸ ਤੋਂ ਇਲਾਵਾ ਮੰਡੀ ਬੋਰਡ ਵੱਲੋਂ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਮੰਡੀਆਂ ਵਿੱਚ ਲਗਾਤਾਰ ਖਰੀਦ ਕਾਰਜਾਂ ਦੀ ਚੈਂਕਿੰਗ ਕੀਤੀ ਗਈ ਅਤੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਗਈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਆੜ੍ਹਤੀਆਂ, ਮਜਦੂਰਾਂ, ਕਿਸਾਨਾਂ, ਮੰਡੀ ਬੋਰਡ/ਮਾਰਕਿਟ ਕਮੇਟੀਆਂ ਸਮੇਤ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।
———————-