
ਚੰਡੀਗੜ੍ਹ, 21 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ 450 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਮੁੱਖ ਮੰਤਰੀ ਨੇ ਇਹ ਨਿਯੁਕਤੀ ਪੱਤਰ ਚੰਡੀਗੜ੍ਹ ਦੇ ਸੈਕਟਰ-18 ਵਿੱਚ ਸਥਿਤ ਟੈਗੋਰ ਥੀਏਟਰ ਵਿੱਚ ਕਰਵਾਏ ਸਮਾਗਮ ਦੌਰਾਨ ਪ੍ਰਦਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲ ’ਚ ਨੌਜਵਾਨਾਂ ਨੂੰ 54,142 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਸਿਪਾਹੀ ਬਣਨ ਦਾ ਸੱਦਾ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ 184, ਜਲ ਸਰੋਤ ਵਿਭਾਗ ਦੇ 28, ਪੁੱਡਾ ਦੇ 22, ਖੇਡ ਵਿਭਾਗ ਦੇ 55, ਸਥਾਨਕ ਸਰਕਾਰਾਂ ਵਿਭਾਗ ਦੇ 87, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ 6, ਸਕੂਲ ਸਿੱਖਿਆ ਦੇ 26, ਜਲ ਸਪਲਾਈ ਤੇ ਸੈਨੀਟੇਸ਼ਨ ਦੇ 26, ਆਬਕਾਰੀ ਤੇ ਕਰ ਵਿਭਾਗ ਦੇ 2, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ 4 ਅਤੇ ਵਿੱਤ ਵਿਭਾਗ ਦੇ 10 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਹੱਥ ਖੂਨ ਨਾਲ ਰੰਗੇ ਹੋਏ ਹਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਖਜ਼ਾਨੇ ਨੂੰ ਲੁੱਟਣ ਅਤੇ ਇਸ ਦੀ ਬਰਬਾਦੀ ਤੋਂ ਬਿਨਾਂ ਹੋਰ ਕੁਝ ਨਹੀਂ ਕੀਤਾ।
ਪਿਛਲੀਆਂ ਸਰਕਾਰਾਂ ਦੌਰਾਨ ਡੋਨੇਸ਼ਨ, ਪ੍ਰੀਮੀਅਮ ਅਤੇ ਹੋਰ ਕਈ ਢੰਗ-ਤਰੀਕਿਆਂ ਦੇ ਰੂਪ ਵਿੱਚ ਭ੍ਰਿਸ਼ਟਾਚਾਰ ਨੂੰ ਪ੍ਰਫੁੱਲਿਤ ਕੀਤਾ ਗਿਆ। ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਨਵ-ਨਿਯੁਕਤ ਨੌਜਵਾਨ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਸਹਾਇਤਾ ਲਈ ਕਰਨਗੇ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਉਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪ੍ਰੇਰਿਆ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਡਾ. ਰਵਜੋਤ ਸਿੰਘ ਆਦਿ ਮੌਜੂਦ ਸਨ।