
22, ਮਈ – ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋਈ। ਕਈ ਥਾਈਂ ਗੜ੍ਹੇਮਾਰੀ ਵੀ ਹੋਈ। ਇਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਆਈ.ਐਮ.ਡੀ. ਦਾ ਕਹਿਣਾ ਹੈ ਕਿ ਅਗਲੇ 3 ਤੋਂ ਚਾਰ ਦਿਨ ਮੌਸਮ ਇਸੇ ਤਰ੍ਹਾਂ ਦਾ ਰਹਿਣ ਦਾ ਸੰਭਾਵਨਾ ਹੈ। ਪੰਜਾਬ ਦੇ ਕੁਝ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ, ਅਗਲੇ 5 ਘੰਟੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਲਈ ਭਾਰੀ ਹੋਣ ਦੀ ਉਮੀਦ ਹੈ।
ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਗਲੇ 5 ਤੋਂ 8 ਘੰਟਿਆਂ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਰੂਪਨਗਰ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਿਸ਼ ਦੀ ਸੰਭਾਵਨਾ ਹੈ। ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ 112 ‘ਤੇ ਕਾਲ ਕਰਨ ਦੀ ਅਪੀਲ ਕੀਤੀ ਗਈ ਹੈ।
ਦਰਅਸਲ, ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਮੌਸਮ ਵਿੱਚ ਆਈ ਇਸ ਤਬਦੀਲੀ ਨੇ ਲੋਕਾਂ ਨੂੰ ਰਾਹਤ ਦੇ ਨਾਲ-ਨਾਲ ਮੁਸੀਬਤ ਵੀ ਲਿਆਂਦੀ। ਜਿੱਥੇ ਇੱਕ ਪਾਸੇ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਕੁਝ ਇਲਾਕਿਆਂ ਵਿੱਚ ਗੜੇਮਾਰੀ ਨੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਜਾਨ-ਮਾਲ ਦਾ ਨੁਕਸਾਨ ਵੀ ਕੀਤਾ। ਕਈ ਥਾਵਾਂ ‘ਤੇ ਦਰੱਖਤ ਅਤੇ ਕੰਧਾਂ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸਭ ਤੋਂ ਵੱਧ ਨੁਕਸਾਨ ਉੱਤਰ ਪ੍ਰਦੇਸ਼ ਵਿਚ ਹੋਇਆ ਹੈ, ਜਿੱਥੇ ਵੱਖ-ਵੱਖ ਘਟਨਾਵਾਂ ਵਿੱਚ ਲਗਭਗ 12 ਲੋਕਾਂ ਦੀ ਮੌਤ ਦੀ ਖ਼ਬਰ ਹੈ। ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਲਈ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਕਿਸਾਨਾਂ ਅਤੇ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।