
ਨਾਰਾਇਣਪੁਰ, 21 ਮਈ – ਛੱਤੀਸਗੜ੍ਹ ਦੇ ਬਸਤਰ ਇਲਾਕੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਸੀਪੀਆਈ ਮਾਓਵਾਦੀ ਦਾ ਜਨਰਲ ਸਕੱਤਰ ਨੰਬਾਲਾ ਕੇਸ਼ਵ ਰਾਓ ਉਰਫ਼ ਬਸਵਰਾਜੂ ਸਮੇਤ ਘੱਟੋ-ਘੱਟ 27 ਨਕਸਲੀ ਮਾਰੇ ਗਏ ਹਨ। ਪੁਲੀਸ ਨੇ ਦੱਸਿਆ ਕਿ ਕਾਰਵਾਈ ਦੌਰਾਨ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦਾ ਜਵਾਨ ਸ਼ਹੀਦ ਹੋ ਗਿਆ, ਜਦਕਿ ਕੁੱਝ ਹੋਰ ਜ਼ਖ਼ਮੀ ਹੋਏ ਹਨ। ਸੀਨੀਅਰ ਪੁਲੀਸ ਅਧਿਕਾਰੀ ਨੇ ਬਹੁਤੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਮਾਓਵਾਦੀ ਆਗੂ ਨੂੰ ਮਾਰ ਕੇ ਸੁਰੱਖਿਆ ਬਲਾਂ ਨੇ ‘ਇਤਿਹਾਸਕ ਸਫਲਤਾ’ ਹਾਸਲ ਕੀਤੀ ਹੈ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਨਾਰਾਇਣਪੁਰ-ਬੀਜਾਪੁਰ-ਦਾਂਤੇਵਾੜਾ ਜ਼ਿਲ੍ਹਿਆਂ ਦੇ ਸਰਹੱਦੀ ਖੇਤਰ ’ਚ ਸਥਿਤ ਅਭੁਜਮਾੜ ਦੇ ਸੰਘਣੇ ਜੰਗਲਾਂ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਮਾਓਵਾਦੀਆਂ ਦੀ ਕੇਂਦਰੀ ਕਮੇਟੀ ਅਤੇ ਪੋਲਿਟ ਬਿਊਰੋ ਮੈਂਬਰਾਂ ਦੇ ਨਾਲ-ਨਾਲ ਸੀਨੀਅਰ ਮਾੜ ਡਿਵੀਜ਼ਨ ਕੇਡਰਾਂ ਅਤੇ ਪੀਪਲਜ਼ ਲਿਬਰੇਸ਼ਨ ਗੁਰੀਲਾ ਆਰਮੀ ਦੇ ਮੈਂਬਰਾਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਮਗਰੋਂ ਇਹ ਅਪਰੇਸ਼ਨ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ 27 ਨਕਸਲੀਆਂ ਦੀਆਂ ਲਾਸ਼ਾਂ ਅਤੇ ਵੱਡੀ ਗਿਣਤੀ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਹਾਲੇ ਵੀ ਜਾਰੀ ਹੈ।