
22 ਮਈ – ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਫਰਮਾਨ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦਾ ਵੱਡਾ ਹੁਕਮਨਾਮਾ ਸਾਹਮਣੇ ਆਇਆ ਹੈ। ਪੰਜ ਪਿਆਰਿਆਂ ਨੇ ਪਟਨਾ ਸਾਹਿਬ ਦੇ ਹੁਕਮਨਾਮੇ ਨੂੰ ਗੈਰ ਵਾਜਿਬ ਦੱਸਿਆ ਹੈ। ਬੀਤੇ ਦਿਨ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਬਾਬਾ ਟੇਕ ਸਿੰਘ ਅਤੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਪਟਨਾ ਸਾਹਿਬ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ। ਸ੍ਰੀ ਪਟਨਾ ਸਾਹਿਬ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਆਦੇਸ਼ ਨੂੰ ਰੱਦ ਕਰ ਦਿੱਤਾ ਸੀ। ਰਣਜੀਤ ਸਿੰਘ ਗੌਹਰ ਨੂੰ ਦੋਸ਼ ਮੁਕਤ ਕੀਤੇ ਜਾਣ ਉਤੇ ਵਿਵਾਦ ਜਾਰੀ ਹੈ।
ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿਚ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਕਾਰਵਾਈ ਨੂੰ ਸਿਧਾਂਤਾਂ ਦੀ ਵੱਡੀ ਉਲੰਘਣਾ ਕਰਾਰ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਬਿਆਨ ਜਾਰੀ ਕਰਦਿਆਂ ਆਖਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਬੀਤੇ ਕੱਲ੍ਹ ਕੀਤੇ ਗਏ ਫੈਸਲੇ ਬਾਰੇ ਇਹ ਪੱਖ ਹੈ ਕਿ 6 ਦਸੰਬਰ 2022 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਦ ਵੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਉਸ ਸਮੇਂ ਸਾਜ਼ਿਸ਼ ਅਧੀਨ ਅਜਿਹਾ ਹੀ ਇਕ ਪੰਥ ਵਿਰੋਧੀ ਫੈਸਲਾ ਕੀਤਾ ਗਿਆ ਸੀ, ਜੋ ਕਿ ਹੁਣ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਵਾਲਾ ਸੀ। ਪਰੰਤੂ ਬਾਅਦ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਕਬੂਲਦਿਆਂ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਪਾਸੋਂ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿਚ ਅਵੈਧ ਕਰਾਰ ਦਿੰਦਿਆਂ ਇਸ ਨੂੰ ਰੱਦ ਕਰ ਦਿੱਤਾ ਸੀ।