
ਵਾਸ਼ਿੰਗਟਨ, 23 ਮਈ – ਅਮਰੀਕਾ ਵਿਚ ਰਾਸ਼ਟਰਪਤੀ ਬਣਨ ਮਗਰੋਂ ਡੋਨਾਲਡ ਟਰੰਪ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ, ਜਿਸ ਦਾ ਸਿੱਧਾ ਅਸਰ ਭਾਰਤੀ ਤੇ ਕਈ ਹੋਰ ਵਿਦੇਸ਼ੀਆਂ ‘ਤੇ ਪੈ ਰਿਹਾ ਹੈ। ਹੁਣ ਟਰੰਪ ਸਰਕਾਰ ਵੱਲੋਂ ਇੱਕ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ, ਜਿਸ ਤਹਿਤ ਵਿਦੇਸ਼ੀ ਵਿਦਿਆਰਥੀ ਫਿਲਹਾਲ ਹਾਰਵਰਡ ਵਿੱਚ ਦਾਖਲਾ ਨਹੀਂ ਲੈ ਸਕਣਗੇ। ਇਹ ਭਾਰਤੀ ਵਿਦਿਆਰਥੀਆਂ ਲਈ ਵੱਡਾ ਝਟਕਾ ਹੈ ਕਿਉਂਕਿ ਉੱਚ ਸਿੱਖਿਆ ਲਈ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀ ਹਾਰਵਰਡ ਯੂਨੀਵਰਸਿਟੀ ਵਿਚ ਦਾਖਲਾ ਲੈਂਦੇ ਹਨ। ਟਰੰਪ ਪ੍ਰਸ਼ਾਸਨ ਨੇ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਹੈ। ਇਸ ਨਾਲ ਭਾਰਤ ਅਤੇ ਦੁਨੀਆ ਦੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਰਿਪੋਰਟਾਂ ਮੁਤਾਬਕ ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਓਰਿਟੀ (DHS) ਦੀ ਸਕੱਤਰ ਕ੍ਰਿਸਟੀ ਨੋਏਮ ਵੱਲੋਂ ਹਾਰਵਰਡ ਯੂਨੀਵਰਸਿਟੀ ਨੂੰ ਇੱਕ ਪੱਤਰ ਭੇਜਿਆ ਗਿਆ ਜਿਸ ਵਿਚ ਕਿਹਾ ਗਿਆ ਕਿ “ਮੈਂ ਤੁਹਾਨੂੰ ਇਹ ਸੂਚਿਤ ਕਰਨ ਲਈ ਲਿਖ ਰਹੀ ਹਾਂ ਕਿ ਹਾਰਵਰਡ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਅਕਾਦਮਿਕ ਐਕਸਚੇਂਜ ਦਾਖਲਾ ਪ੍ਰੋਗਰਾਮ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।”
ਹਾਰਵਰਡ ਦੇ ਅਧਿਕਾਰਤ ਰਿਕਾਰਡ ਮੁਤਾਬਕ ਹਰ ਸਾਲ 500 ਤੋਂ 800 ਭਾਰਤੀ ਵਿਦਿਆਰਥੀ ਇੱਥੇ ਦਾਖਲਾ ਲੈਂਦੇ ਹਨ। ਦੁਨੀਆ ਭਰ ਤੋਂ ਲਗਭਗ 6800 ਵਿਦਿਆਰਥੀ ਇੱਥੇ ਆਉਂਦੇ ਹਨ। ਇਸ ਸਾਲ 788 ਭਾਰਤੀ ਵਿਦਿਆਰਥੀਆਂ ਨੇ ਦਾਖਲਾ ਲਿਆ। ਹੁਣ ਅਜਿਹੀ ਸਥਿਤੀ ਵਿੱਚ ਇਨ੍ਹਾਂ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਵਿਦੇਸ਼ੀ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਉਹ ਜਾਂ ਤਾਂ ਕਿਸੇ ਹੋਰ ਸੰਸਥਾ ਵਿੱਚ ਦਾਖਲਾ ਲੈਣ ਜਾਂ ਅਮਰੀਕਾ ਵਿੱਚ ਆਪਣਾ ਲੀਗਲ ਸਟੇਟਸ ਗੁਆ ਦੇਣ। ਇਸ ਲਈ ਭਾਰਤੀ ਵਿਦਿਆਰਥੀਆਂ ਕੋਲ ਕਿਸੇ ਹੋਰ ਸੰਸਥਾ ਵਿੱਚ ਦਾਖਲਾ ਲੈਣ ਦਾ ਆਪਸ਼ਨ ਹੋਵੇਗਾ। ਜੇ ਉਹ ਅਜਿਹਾ ਨਹੀਂ ਕਰਦੇ, ਤਾਂ ਉਨ੍ਹਾਂ ਨੂੰ ਅਮਰੀਕਾ ਛੱਡਣਾ ਪੈ ਸਕਦਾ ਹੈ। ਹਾਰਵਰਡ ਵਿੱਚ ਮੌਜੂਦਾ ਸਮੈਸਟਰ ਪੂਰਾ ਕਰਨ ਵਾਲੇ ਵਿਦਿਆਰਥੀਆਂ ਲਈ ਇੱਕ ਰਾਹਤ ਵਾਲੀ ਖ਼ਬਰ ਹੈ। ਉਹ ਆਪਣੀ ਗ੍ਰੈਜੂਏਸ਼ਨ ਪੂਰੀ ਕਰ ਸਕਣਗੇ। ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਓਰਿਟੀ (DHS) ਦੀ ਸੈਕਟਰੀ ਕ੍ਰਿਸਟੀ ਨੋਏਮ ਨੇ ਆਪਣੇ ਪੱਤਰ ਵਿੱਚ ਇਸ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਟਰੰਪ ਸਰਕਾਰ ਵੱਲੋਂ ਕੀਤੀ ਗਈ ਇਹ ਤਬਦੀਲੀ ਸਕੂਲ ਈਅਰ 2025-26 ਤੋਂ ਲਾਗੂ ਕੀਤੀ ਜਾਵੇਗੀ।