ਅੱਠ ਡੇਰਾ ਪ੍ਰੇਮੀਆਂ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼

 

ਫ਼ਰੀਦਕੋਟ, 20 ਜੁਲਾਈ- ਵਿਸ਼ੇਸ਼ ਜਾਂਚ ਟੀਮ ਨੇ ਬਰਗਾੜੀ ਬੇਅਦਬੀ ਕਾਂਡ ਵਿੱਚ ਅੱਜ ਅੱਠ ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ। ਡੇਰਾ ਪ੍ਰੇਮੀਆਂ ਉੱਪਰ ਦੋਸ਼ ਹੈ ਕਿ ਉਨ੍ਹਾਂ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਚੋਰੀ ਕਰਕੇ 24 ਸਤੰਬਰ 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਸਨ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਬਾਰੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਸੀ। ਜਾਂਚ ਟੀਮ ਨੇ ਅੱਜ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਹਰਸ਼ ਧੁਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਖ਼ਿਲਾਫ਼ ਚਲਾਨ ਪੇਸ਼ ਕੀਤਾ। ਜਾਂਚ ਟੀਮ ਨੇ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਆਗੂ ਮਹਿੰਦਰਪਾਲ ਬਿੱਟੂ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਹੈ। ਹਾਲਾਂਕਿ ਬਿੱਟੂ ਦਾ ਤਿੰਨ ਸਾਲ ਪਹਿਲਾਂ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਫ਼ਰਾਰ ਹਨ। ਇਨ੍ਹਾਂ ਖਿਲਾਫ਼ ਅਦਾਲਤ ਨੇ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਇੱਕ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੋਸਟਰ ਦੀ ਲਿਖਾਈ ਦੇ ਮਿਲਾਣ ਸਬੰਧੀ ਪਟੀਸ਼ਨ ਰੱਦ ਕੀਤੀ ਸੀ।

ਸਾਂਝਾ ਕਰੋ

ਪੜ੍ਹੋ