
ਚੰਡੀਗੜ੍ਹ, 20 ਜੁਲਾਈ-ਬਿਜਲੀ ਦੀ ਜ਼ਿਆਦਾ ਮੰਗ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂਂ ਉਪਲਬੱਧ ਟਰਾਂਸਫਰ ਸਮਰੱਥਾ (ਏਟੀਸੀ) ਅਤੇ ਕੁੱਲ ਟਰਾਂਸਫਰ ਸਮਰਥਾ (ਟੀਟੀਸੀ) ਨੂੰ ਘੱਟੋ ਘੱਟ 1,500 ਮੈਗਾਵਾਟ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਫੈਸਲਾ ਅੱਜ ਇਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਇਸ ਪਹਿਲਕਦਮੀ ਨਾਲ ਲੋਡ ਦੀ ਵੱਧ ਰਹੀ ਮੰਗ ਦੌਰਾਨ ਸੂਬੇ ਵਿੱਚ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿਚ ਸਹਾਇਤਾ ਮਿਲੇਗੀ। ਇਸ ਦੌਰਾਨ ਮੁੱਖ ਸਕੱਤਰ ਨੇ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰਾ ਸਿੰਘ ਸਪੋਰਟਸ ਯੂਨੀਵਰਸਿਟੀ ਦੀ ਉਸਾਰੀ ਦਾ ਜਾਇਜ਼ਾ ਵੀ ਲਿਆ। ਇਸ ਦੇ ਨਾਲ ਹੀ ਉਹਨਾਂ ਨੇ ਹਲਵਾਰਾ ਹਵਾਈ ਅੱਡੇ ਦੇ ਸੰਚਾਲਨ, ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ ਅਤੇ ਮੁਹਾਲੀ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ, ਗੋਇੰਦਵਾਲ ਸਾਹਿਬ ਵਿਖੇ ਨਵੀਂ ਜੇਲ੍ਹ ਦਾ ਨਿਰਮਾਣ, ਫਾਜ਼ਿਲਕਾ ਵਿੱਚ 100 ਬੈੱਡਾਂ ਦੀ ਸਮਰੱਥਾ ਵਾਲੇ ਹਸਪਤਾਲ ਦੀ ਉਸਾਰੀ, ਅੰਮ੍ਰਿਤਸਰ ਵਿਚ ਸਟੇਟ ਕੈਂਸਰ ਸੈਂਟਰ, ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਰੋਟਰੋਪੋਲਿਸ ਹਾਊਸਿੰਗ ਪ੍ਰਾਜੈਕਟ, ਕਾਜੌਲੀ ਵਾਟਰ ਵਰਕਸ ਵਿੱਚ 20-ਐਮਜੀਡੀ ਵਾਟਰ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ, ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ‘ਤੇ ਚੱਲ ਰਹੇ ਕੰਮ, ਰਾਜਸਥਾਨ ਅਤੇ ਸਰਹਿੰਦ ਫੀਡਰ ਨਹਿਰਾਂ ਨੂੰ ਮੁੜ ਸਥਾਪਿਤ ਕਰਨ ਅਤੇ ਜਨਤਕ ਨਿਵੇਸ਼ ਪ੍ਰਬੰਧਨ ਕਮੇਟੀ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਵੱਡੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ। ਇਸ ਮੀਟਿੰਗ ਵਿੱਚ ਏਸੀਐੱਸ ਪਾਵਰ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਸਰਵਜੀਤ ਸਿੰਘ (ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ), ਵਿਕਾਸ ਪ੍ਰਤਾਪ (ਲੋਕ ਨਿਰਮਾਣ), ਅਲੋਕ ਸ਼ੇਖਰ (ਮੈਡੀਕਲ ਸਿੱਖਿਆ ਅਤੇ ਖੋਜ), ਜਸਪ੍ਰੀਤ ਤਲਵਾੜ (ਜਲ ਸਪਲਾਈ ਅਤੇ ਸੈਨੀਟੇਸ਼ਨ), ਹੁਸਨ ਲਾਲ (ਸਿਹਤ ਅਤੇ ਪਰਿਵਾਰ ਭਲਾਈ), ਅਜੋਏ ਕੁਮਾਰ ਸਿਨਹਾ (ਸਥਾਨਕ ਸਰਕਾਰਾਂ) ਅਤੇ ਰਾਜ ਕਮਲ ਚੌਧਰੀ (ਖੇਡਾਂ ਅਤੇ ਯੁਵਕ ਸੇਵਾਵਾਂ) ਮੌਜੂਦ ਸਨ