
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿਚ ਵਿਰੋਧ ਪ੍ਰਦਰਸ਼ਨ ਕਰਦਿਆਂ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਸੰਸਦ ਭਵਨ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕੀਤੇ ਗਏ ਇਸ ਪ੍ਰਦਰਸ਼ਨ ਵਿਚ ਕਾਂਗਰਸ ਦੇ ਦੋਵਾਂ ਸਦਨਾਂ ਦੇ ਕਈ ਮੈਂਬਰਾਂ ਨੇ ਹਿੱਸਾ ਲਿਆ।ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਨੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਈ ਸੰਸਦ ਮੈਂਬਰ ਇਸ ਧਰਨੇ ਵਿਚ ਸ਼ਾਮਲ ਹੋਏ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ‘ਕਾਲੇ ਕਾਨੂੰਨ ਵਾਪਸ ਲਓ’ ਅਤੇ ‘ਪ੍ਰਧਾਨ ਮੰਤਰੀ ਨਿਆਂ ਕਰੋ’ ਦੇ ਨਾਅਰੇ ਲਗਾਏ।
ਮੁੱਖ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਸੰਸਦ ਭਵਨ ਕੰਪਲੈਕਸ ਵਿਚ ਨੇ ਇਹ ਧਰਨਾ ਉਸ ਸਮੇਂ ਦਿੱਤਾ ਜਦੋਂ ਕਿਸਾਨ ਜਥੇਬੰਦੀਆਂ ਮਾਨਸੂਨ ਇਜਲਾਸ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਟਿਕਰੀ ਬਾਰਡਰ, ਸਿੰਘੂ ਬਾਰਡਰ ਅਤੇ ਦਿੱਲੀ ਦੇ ਨਾਲ ਲੱਗਦੇ ਗਾਜੀਪੁਰ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਸਰਕਾਰ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋਈ ਹੈ ਜੋ ਕਿ ਬੇਸਿੱਟਾ ਰਹੀ।