13 ਕਰੋੜ ਤੋਂ ਵੱਧ ਵੋਟਾਂ ਕੱਟਣਾ ਸੈਟਿੰਗ ਨਹੀਂ ਤਾਂ ਹੋਰ ਕੀ : ਅਭੀਜੀਤ ਦਿਪਕੇ
ਨਵੀਂ ਦਿੱਲੀ, 16 ਅਕਤੂਬਰ – ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਬਾਨੀ ਅਭਿਜੀਤ ਦੀਪਕੇ ਨੇ ਦੋਸ਼ ਲਾਇਆ ਕਿ ਸਰਕਾਰ ਕਥਿਤ ਤੌਰ ’ਤੇ ਵੋਟਰ ਸੂਚੀਆਂ ਵਿੱਚੋਂ ਨਾਂ ਕੱਟ ਕੇ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ 13 ਕਰੋੜ ਤੋਂ ਵੱਧ ਵੋਟਰਾਂ ਦੇ ਨਾਂ ਕੱਟੇ ਜਾਣ ਨੂੰ ‘ਸੈਟਿੰਗ’ ਨਾ ਕਿਹਾ ਜਾਵੇ ਤਾਂ ਹੋਰ ਕੀ ਕਿਹਾ ਜਾਵੇ?
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੀਪਕੇ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ-ਹਾਰ ਦਾ ਫ਼ਰਕ ਸਿਰਫ਼ ਦੋ ਫ਼ੀਸਦੀ ਸੀ, ਜਦਕਿ 13 ਕਰੋੜ ਤੋਂ ਵੱਧ ਵੋਟਰਾਂ ਦੇ ਨਾਂ ਕੱਟੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੋਟਾਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਵਿਰੁੱਧ ਮੁਜ਼ਾਹਰਿਆਂ ਨੂੰ ਰੋਕਣ ਲਈ ਦਿੱਲੀ ਵਿੱਚ ਸਖ਼ਤ ਪਾਬੰਦੀਆਂ ਲਾਉਣ ਦਾ ਵੀ ਦੋਸ਼ ਲਾਇਆ। ਦੀਪਕੇ ਨੇ ‘ਇੱਕ ਦੇਸ਼, ਇੱਕ ਚੋਣ’ ਦੇ ਨਾਅਰੇ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦਾ ਅਸਲ ਉਦੇਸ਼ ‘ਇੱਕ ਦੇਸ਼, ਇੱਕ ਪਾਰਟੀ, ਇੱਕ ਆਗੂ’ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਿਰੰਗਾ ਲੈ ਕੇ ਜਾ ਰਹੇ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਸੀ ਜੇ ਪੀ ਨੇ ਸ਼ੁੱਕਰਵਾਰ ਨੂੰ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ‘ਲਹਿਰਾ ਦੋ ਤਿਰੰਗਾ’ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਪ੍ਰਧਾਨ ਨੇਹਾ ਬੋਰਾ ਅਤੇ ਵਿਦਿਆਰਥੀ ਆਗੂ ਆਇਸ਼ੇ ਘੋਸ਼ ਨੇ ਵੀ ਪੁਲੀਸ ’ਤੇ ਮੁਜ਼ਾਹਰਾਕਾਰੀਆਂ ਅਤੇ ਪੱਤਰਕਾਰਾਂ ਵਿਰੁੱਧ ਕਾਰਵਾਈ ਕਰਨ ਦੇ ਦੋਸ਼ ਲਾਏ। ਘੋਸ਼ ਨੇ ਲੋਕਾਂ ਨੂੰ ਲੋਕਤੰਤਰ ਦੀ ਰੱਖਿਆ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਅਦਾਕਾਰ ਤੇ ਕਾਰਕੁਨ ਪ੍ਰਕਾਸ਼ ਰਾਜ ਨੇ ਦੋਸ਼ ਲਾਇਆ ਕਿ ਐੱਸ ਆਈ ਆਰ ਦਾ ਉਦੇਸ਼ ਸਿਰਫ਼ ਵੋਟਰਾਂ ਦੇ ਨਾਂ ਕੱਟਣਾ ਹੀ ਨਹੀਂ, ਸਗੋਂ ਪਿਛਲੀਆਂ ਚੋਣਾਂ ਵਿੱਚ ਕਥਿਤ ਬੇਨਿਯਮੀਆਂ ਦੇ ਸਬੂਤ ਮਿਟਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਕਥਿਤ ਸਾਜ਼ਿਸ਼ ਤਹਿਤ ਗ਼ੈਰ-ਕਾਨੂੰਨੀ ਢੰਗ ਨਾਲ ਜਿੱਤ ਹਾਸਲ ਕੀਤੀ ਗਈ ਹੈ ਅਤੇ ਇਸ ਨੂੰ ਸਾਬਤ ਕਰਨ ਲਈ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
Share this content:



Post Comment