
ਜਲੰਧਰ, 24 ਜੁਲਾਈ- ਬਹੁਜਨ ਸਮਾਜ ਪਾਰਟੀ ਨੇ ਐਲਾਨ ਕੀਤਾ ਕਿ ਉਹ ਦਿੱਲੀ ਦੀਆਂ ਬਰੂਹਾਂ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ 27 ਜੁਲਾਈ ਨੂੰ ਪੰਜਾਬ ਭਰ ’ਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕਰੇਗੀ। ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਇੱਥੋਂ ਜਾਰੀ ਕੀਤੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਪੂੰਜੀਪਤੀਆਂ ਨੂੰ ਸੌਂਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਦੀਆਂ ਜ਼ਮੀਨਾਂ ਜਾਂਦੀਆਂ ਹਨ ਤਾਂ ਇਸ ਦੀ ਸਭ ਤੋਂ ਵੱਧ ਮਾਰ ਗਰੀਬਾਂ ਨੂੰ ਪਵੇਗੀ। ਜ਼ਿਲ੍ਹਾ ਪੱਧਰ ’ਤੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਦੌਰਾਨ ਬਹੁਜਨ ਸਮਾਜ ਪਾਰਟੀ ਰਾਸ਼ਟਰਪਤੀ ਦੇ ਨਾਂ ਮੈਮੋਰੰਡਮ ਦੇਵੇਗੀ, ਜਿਸ ਵਿੱਚ ਰਾਸ਼ਟਰਪਤੀ ਦੇ ਨਿੱਜੀ ਦਖਲਅੰਦਾਜ਼ੀ ਦੀ ਮੰਗ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਜਾਵੇਗੀ।