
ਚੰਡੀਗਡ਼੍ਹ : ਮਾਨਸਾ ਵਿਚ ਪਿਛਲੇ ਸਾਲ 18 ਜੂਨ ਨੂੰ ਪਵਨ ਕੁਮਾਰ ਨਾਂ ਦੇ ਵਿਅਕਤੀ ਨੂੰ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਘਰੋਂ ਚੁੱਕ ਕੇ ਥਾਣੇ ’ਚ ਗੈਰ-ਕਾਨੂੰਨੀ ਤਰੀਕੇ ਨਾਲ ਬੁਰੀ ਤਰ੍ਹਾਂ ਟਾਰਚਰ ਕੀਤਾ ਸੀ। ਇਸ ਦੇ ਬਾਅਦ ਪਵਨ ਕੁਮਾਰ ਹੁਣ ਲਕਵੇ ਦਾ ਸ਼ਿਕਾਰ ਹੋ ਚੁੱਕਾ ਹੈ। ਇਸ ਮਾਮਲੇ ਨੂੰ ਲੈ ਕੇ ਪਵਨ ਕੁਮਾਰ ਨੇ ਉਸ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤੇ ਜਾਣ ਤੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਹਾਈ ਕੋਰਟ ਤੋਂ ਮੰਗ ਕੀਤੀ ਹੈ। ਜਸਟਿਸ ਲੀਜ਼ਾ ਗਿੱਲ ਨੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਸਮੇਤ ਡੀਜੀਪੀ, ਐੱਸਐੱਸਪੀ ਮਾਨਸਾ ਤੇ ਸਬੰਧਤ ਐੱਸਐੱਚਓ ਨੂੰ ਇਕ ਨਵੰਬਰ ਲਈ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪਵਨ ਕੁਮਾਰ ਤੇ ਉਸ ਦੀ ਪਤਨੀ ਕਾਂਤਾ ਰਾਣੀ ਨੇ ਐਡਵੋਕੇਟ ਐੱਚਸੀ ਅਰੋੜਾ ਰਾਹੀਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਦੱਸਿਆ ਕਿ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਪਵਨ ਨੂੰ ਪਿਛਲੇ ਸਾਲ 18 ਜੂਨ ਨੂੰ ਉਸ ਦੇ ਘਰੋਂ ਚੁੱਕ ਲਿਆ ਸੀ। ਪਰ ਉਸ ਦੇ ਖਿਲਾਫ ਕੇਸ ਦਰਜ ਨਹੀਂ ਕੀਤਾ ਗਿਆ।
ਉਸ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਿਆ ਗਿਆ ਤੇ ਬੁਰੀ ਤਰ੍ਹਾਂ ਟਾਰਚਰ ਕੀਤਾ ਗਿਆ। ਹਾਲਤ ਵਿਗਡ਼ਨ ਦੇ ਬਾਅਦ ਉਸ ਨੂੰ ਸਟਰੈਚਰ ’ਤੇ ਹਸਪਤਾਲ ਭੇਜ ਦਿੱਤਾ ਜਿਥੇ ਉਸ ਦਾ ਇਲਾਜ ਹੋਇਆ ਪਰ ਬੁਰੀ ਤਰ੍ਹਾਂ ਟਾਰਚਰ ਕਾਰਨ ਹੁਣ ਉਹ ਲਕਵੇ ਦਾ ਸ਼ਿਕਾਰ ਹੋ ਚੁੱਕਾ ਹੈ। ਇਸ ਮਾਮਲੇ ਵਿਚ ਉਸ ਦੀ ਸ਼ਿਕਾਇਤ ’ਤੇ ਐੱਸਆਈਟੀ ਗਠਿਤ ਕੀਤੀ ਗਈ ਸੀ ਜਿਸ ਨੇ ਸਿਰਫ ਇੰਸਪੈਕਟਰ ਮਨਜੀਤ ਸਿੰਘ ਖਿਲਾਫ ਹੀ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿਚ ਰੱਖਣ ਤੇ ਟਾਰਚਰ ਕਰਨ ਨੂੰ ਲੈ ਕੇ ਐੱਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ। ਪਟੀਸ਼ਨਰ ਦਾ ਕਹਿਣਾ ਹੈ ਕਿ ਉਸ ਨੂੰ ਟਾਰਚਰ ਕਰਨ ਵਾਲੇ 4 ਅਧਿਕਾਰੀ ਸਨ, ਅਜਿਹੇ ਵਿਚ ਉਨ੍ਹਾਂ ਸਾਰਿਆਂ ਖਿਲਾਫ ਐੱਫਆਈਆਰ ਦਰਜ ਕੀਤੀ ਜਾਵੇ ਤੇ ਉਸ ਨੂੰ ਬੁਰੀ ਤਰ੍ਹਾਂ ਟਾਰਚਰ ਕਰਨ ਕਾਰਨ ਲਕਵਾ ਹੋਣ ਲਈ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਹਾਈ ਕੋਰਟ ਨੇ ਪਟੀਸ਼ਨ ’ਤੇ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ।