23 ਦਸੰਬਰ ਨੂੰ ਪੈਣਗੀਆਂ ਚੰਡੀਗੜ੍ਹ ਨਗਰ ਨਿਗਮ ਵੋਟਾਂ
ਚੰਡੀਗੜ੍ਹ, 20 ਨਵੰਬਰ – ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨਰ ਵਿਜੈ ਦੇਵ ਨੇ ਦੱਸਿਆ ਕਿ 23 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣਾਂ ਦੇ ਐਲਾਨ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਐਲਾਨ ਨਾਲ ਹੀ ਸ਼ਹਿਰ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਜਾਣਗੀਆਂ ਅਤੇ ਸਿਆਸੀ ਪਾਰਟੀਆਂ ਚੋਣ ਮੈਦਾਨ ਵਿੱਚ ਉਤਰਨ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਗੀਆਂ। ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਅਤੇ ਇਨ੍ਹਾਂ ਵਾਰਡਾਂ ਵਿੱਚੋਂ ਕੌਂਸਲਰ ਪੰਜ ਸਾਲ ਦੇ ਕਾਰਜਕਾਲ ਲਈ ਚੁਣੇ ਜਾਂਦੇ ਹਨ। ਚੋਣ ਕਮਿਸ਼ਨਰ ਵੱਲੋਂ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਨਾਮਜ਼ਦਗੀਆਂ, ਨਾਮਜ਼ਦਗੀਆਂ ਵਾਪਸ ਲੈਣ, ਵੋਟਾਂ ਪੈਣ ਅਤੇ ਨਤੀਜਿਆਂ ਦੀਆਂ ਤਰੀਕਾਂ ਸਪੱਸ਼ਟ ਹੋ ਜਾਣਗੀਆਂ। ਚੋਣਾਂ ਦੇ ਖਰਚੇ ਨੂੰ ਲੈ ਕੇ ਕਮਿਸ਼ਨ ਨੇ ਵੱਡੀ ਜਾਣਕਾਰੀ ਦਿੱਤੀ ਹੈ। ਇਸ ਵਾਰ ਨਗਰ ਨਿਗਮ ਚੋਣਾਂ ਵਿੱਚ ਹਰੇਕ ਉਮੀਦਵਾਰ ਲਈ ਖਰਚੇ ਦੀ ਹੱਦ 7.5 ਲੱਖ ਰੁਪਏ ਤੈਅ ਕੀਤੀ ਗਈ ਹੈ, ਜਦਕਿ ਪਿਛਲੀਆਂ ਚੋਣਾਂ ਵਿੱਚ ਇਹ ਹੱਦ 5 ਲੱਖ ਰੁਪਏ ਸੀ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਵੀ ਨਜ਼ਰ ਰੱਖੀ ਜਾਵੇਗੀ।
ਇਸ ਦੌਰਾਨ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਅਤੇ ਸਰਕਾਰ ਦੀਆਂ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਗਈਆਂ ਹਨ। ਕਮਿਸ਼ਨ ਮੁਤਾਬਕ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ ‘ਤੇ ਪਾਬੰਦੀ ਰਹੇਗੀ। ਇਸ ਦੌਰਾਨ ਵਟਸਐਪ ਮੈਸੇਜ ਜਾਂ ਹੋਰ ਡਿਜੀਟਲ ਮਾਧਿਅਮਾਂ ਰਾਹੀਂ ਵੀ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਵੋਟਿੰਗ ਤੋਂ ਪਹਿਲਾਂ ਆਖਰੀ 48 ਘੰਟਿਆਂ ਨੂੰ ਸਾਈਲੈਂਸ ਪੀਰੀਅਡ ਐਲਾਨਿਆ ਜਾਵੇਗਾ। ਇਸ ਸਮੇਂ ਦੌਰਾਨ ਚੋਣ ਪ੍ਰਚਾਰ ‘ਤੇ ਪੂਰੀ ਪਾਬੰਦੀ ਰਹੇਗੀ।
ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਸੀਟਾਂ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ ਪਰ ਦੂਜੇ ਨੰਬਰ ’ਤੇ ਆਈ ਭਾਜਪਾ ਨੇ ਕਈ ਸਮੀਕਰਨ ਵਿਗਾੜ ਦਿੱਤੇ ਸਨ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਨੇ ਵੀ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਸਨ। ਇਸ ਵਾਰ ਵੀ ਨਗਰ ਨਿਗਮ ਦੀ ਸੱਤਾ ਹਾਸਲ ਕਰਨ ਲਈ ਸਿਆਸੀ ਪਾਰਟੀਆਂ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲੇਗਾ। ਚੋਣਾਂ ਦੇ ਐਲਾਨ ਨਾਲ ਹੀ ਸ਼ਹਿਰ ਦੇ 35 ਵਾਰਡਾਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਉਮੀਦ ਹੈ। ਸਾਰੀਆਂ ਪ੍ਰਮੁੱਖ ਪਾਰਟੀਆਂ ਲਈ ਆਪਣੇ ਉਮੀਦਵਾਰਾਂ ਦੀ ਚੋਣ ਅਤੇ ਚੋਣ ਰਣਨੀਤੀ ਤਿਆਰ ਕਰਨਾ ਅਹਿਮ ਹੋਵੇਗਾ।
Share this content:



Post Comment