4 ਨਵੰਬਰ ਨੂੰ ਕਾਂਗਰਸ ਸੰਗਰੂਰ ਵਿੱਚ ਕਰੇਗੀ ‘ਹਿਸਾਬ ਮੰਗੋ’ ਰੈਲੀ; ਰਾਹੁਲ ਗਾਂਧੀ ਹੋਣਗੇ ਸ਼ਾਮਲ
ਚੰਡੀਗੜ੍ਹ, 26 ਅਕਤੂਬਰ – ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜਲਦੀ ਹੀ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਉਹ 4 ਨਵੰਬਰ ਨੂੰ ਸੰਗਰੂਰ ਵਿਖੇ ਇੱਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਲੀਡਰਸ਼ਿਪ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਰੈਲੀ ਦੀਆਂ ਤਿਆਰੀਆਂ ਅਤੇ ਚੋਣ ਰਣਨੀਤੀ ਨੂੰ ਲੈ ਕੇ ਚੰਡੀਗੜ੍ਹ ਵਿੱਚ ਲਗਾਤਾਰ ਅਹਿਮ ਬੈਠਕਾਂ ਦਾ ਦੌਰ ਜਾਰੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਅਤੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਇਸ ਰੈਲੀ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਪਹੁੰਚੇ ਹਨ। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਨਾਲ ਚੋਣ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਹੈ। ਚੰਡੀਗੜ੍ਹ ਪਹੁੰਚਣ ‘ਤੇ ਕੇਸੀ ਵੇਣੂਗੋਪਾਲ ਨੇ ਕਿਹਾ ਕਿ, “ਇੱਥੇ ਚੋਣ ਤਿਆਰੀਆਂ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ। ਰਾਹੁਲ ਗਾਂਧੀ 4 ਤਰੀਕ ਨੂੰ ਇੱਥੇ ਆ ਰਹੇ ਹਨ ਅਤੇ ਅਸੀਂ ਉਸ ਦੀਆਂ ਤਿਆਰੀਆਂ ਲਈ ਵੀ ਇੱਕ ਵਿਸ਼ੇਸ਼ ਬੈਠਕ ਕਰਾਂਗੇ।
‘ਕਾਂਗਰਸ ਕਰੇਗੀ ਵੱਡੀ ਵਾਪਸੀ’
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਦੇ ਇਸ ਦੌਰੇ ਨੂੰ ਲੈ ਕੇ ਭਾਰੀ ਉਤਸ਼ਾਹ ਪ੍ਰਗਟਾਇਆ ਹੈ। ਉਨ੍ਹਾਂ ਨੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਦੀ ਮਜ਼ਬੂਤ ਸਥਿਤੀ ਦਾ ਦਾਅਵਾ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ, “ਅਸੀਂ ਲੰਮੇ ਸਮੇਂ ਤੋਂ ਇਸ ਦਿਨ ਦੀ ਉਡੀਕ ਕਰ ਰਹੇ ਸੀ। ਪੰਜਾਬ ਵਿੱਚ ਇਸ ਵੇਲੇ ਜੋ ਹਾਲਾਤ ਬਣ ਰਹੇ ਹਨ, ਉਸ ਤੋਂ ਇਹ ਸਾਫ਼ ਨਜ਼ਰ ਆ ਰਿਹਾ ਹੈ ਕਿ ਕਾਂਗਰਸ ਪਾਰਟੀ ਇੱਕ ਬਹੁਤ ਵੱਡੀ ਵਾਪਸੀ ਕਰਨ ਜਾ ਰਹੀ ਹੈ।
ਰੈਲੀ ਦੀ ਰੂਪ-ਰੇਖਾ ਅਤੇ ਦਲਬਦਲੂਆਂ ‘ਤੇ ਨਿਸ਼ਾਨਾ
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਦੱਸਿਆ ਕਿ ਰੈਲੀ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਪਾਰਟੀ ਪੱਧਰ ‘ਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ, “4 ਤਰੀਕ ਦੀ ਰੈਲੀ ਨੂੰ ਸਫਲ ਬਣਾਉਣ ਅਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਾਡੀ ਸੰਗਠਨਾਤਮਕ ਬੈਠਕ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪਰਗਟ ਸਿੰਘ ਨੇ ਕਿਹਾ, “ਇਹ ਸਵਾਲ ਇਸ ਗੱਲ ਦਾ ਹੈ ਕਿ ਕੌਣ ਪੰਜਾਬ ਦੇ ਨਾਲ ਖੜ੍ਹਾ ਹੈ ਅਤੇ ਕੌਣ ਪੰਜਾਬ ਦੇ ਖ਼ਿਲਾਫ਼ ਹੈ? ਇਹ ਸਭ ਉਨ੍ਹਾਂ ਦੇ ਵਪਾਰਕ ਹਿੱਤਾਂ ਨਾਲ ਜੁੜਿਆ ਹੋਇਆ ਹੈ, ਕਿਉਂਕਿ ਉਨ੍ਹਾਂ ਦੇ ਕਈ ਰਾਜਾਂ ਵਿੱਚ ਕਾਰੋਬਾਰ ਚੱਲ ਰਹੇ ਹਨ।
Share this content:



Post Comment