ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

ਪੰਜਾਬ ਦੀਆਂ ਪੰਜ ਨਗਰ ਨਿਗਮ ਚੋਣਾਂ ਵਿੱਚ ਹੋ ਰਹੀ ਦੇਰੀ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਖ਼ਤ ਹੋ ਗਈ ਹੈ। ਇਸ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਕ ਹਫ਼ਤੇ ਵਿੱਚ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਜਾਣਕਾਰੀ ਦੇਣ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਰੀਤੂ ਬਾਹਰੀ ਤੇ ਜਸਟਿਸ ਨਿਧੀ ਗੁਪਤਾ ਦੇ ਬੈਂਚ ਨੇ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਦਾ ਕਾਰਜਕਾਲ ਖਤਮ ਹੋਏ ਨੂੰ ਇਕ ਸਾਲ ਬੀਤ ਚੁੱਕਿਆ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਵਸਨੀਕ ਪ੍ਰਬੋਧ ਚੰਦਰ ਬਾਲੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਨਗਰ ਨਿਗਮਾਂ ਦਾ ਕਾਰਜਕਾਲ ਖਤਮ ਹੋਏ ਨੂੰ ਕਾਫੀ ਸਮਾਂ ਬੀਤ ਚੁੱਕਿਆ ਹੈ ਅਤੇ ਸੂਬਾ ਸਰਕਾਰ ਚੋਣ ਨਹੀਂ ਕਰਵਾ ਰਹੀ ਹੈ। ਉਸ ਨੇ ਅਦਾਲਤ ਤੋਂ ਨਿਗਮ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਅਦਾਲਤ ਨੇ ਉਕਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹੀ ਸੂਬਾ ਸਰਕਾਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਇਕ ਹਫ਼ਤੇ ਵਿੱਚ ਚੋਣਾਂ ਸਬੰਧੀ ਜਾਣਕਾਰੀ ਦੇਣ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਪੰਚਾਇਤੀ ਚੋਣਾਂ ਨਾ ਕਰਵਾਉਣ ਸਬੰਧੀ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ’ਤੇ ਸਖ਼ਤੀ ਕੀਤੀ ਸੀ। ਮਾਣਯੋਗ ਅਦਾਲਤ ਨੇ ਉਸ ਸਮੇਂ ਵੀ ਪੰਚਾਇਤੀ ਚੋਣਾਂ ਜਲਦੀ ਕਰਵਾਉਣ ਦੇ ਆਦੇਸ਼ ਦਿੱਤੇ ਸਨ।

ਸਾਂਝਾ ਕਰੋ

ਪੜ੍ਹੋ