ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਕਾਂਗਰਸ ਦੇ ਸੂਬਾ ਇੰਚਾਰਜ ਦੇਵੇਂਦਰ ਯਾਦਵ ਦੇ ਸਾਹਮਣੇ ਬੁੱਧਵਾਰ ਨੂੰ ਬਲਾਕ ਪ੍ਰਧਾਨਾਂ ਨੇ ਅਨੁਸ਼ਾਸਨ ਦਾ ਮੁੱਦਾ ਉਠਾਇਆ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਸਾਰਿਆਂ ਨੇ ਸਰਬਸੰਮਤੀ ਨਾਲ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਦੇ ਦੋ ਮਾਪਦੰਡ ਨਹੀਂ ਹੋ ਸਕਦੇ। ਜਦੋਂ ਕੋਈ ਬਲਾਕ ਪੱਧਰ ਦੇ ਨੇਤਾ ਦੀ ਸ਼ਿਕਾਇਤ ਆਉਂਦੀ ਹੈ ਤਾਂ ਸੂਬਾ ਕਾਂਗਰਸ ਲੀਡਰਸ਼ਿਪ ਉਸ ’ਤੇ ਕਾਰਵਾਈ ਕਰਨ ’ਚ ਸਮਾਂ ਬਰਬਾਦ ਨਹੀਂ ਕਰਦੀ ਪਰ ਜਦੋਂ ਕੋਈ ਵੱਡਾ ਨੇਤਾ ਅਨੁਸ਼ਾਸਨਹੀਣਤਾ ਕਰਦਾ ਹੈ ਤਾਂ ਪਾਰਟੀ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕਰਦੀ। ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਅੱਜ ਵੀ ਬਲਾਕ ਪ੍ਰਧਾਨਾਂ ਨਾਲ ਹੋਈ ਮੀਟਿੰਗ ਵਿੱਚ ਹਾਜ਼ਰ ਨਹੀਂ ਹੋਏ।
ਚਾਰ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਹ ਮੀਟਿੰਗ ਮੁੱਖ ਤੌਰ ’ਤੇ ਅਨੁਸ਼ਾਸਨਹੀਣਤਾ ਅਤੇ ਆਮ ਆਦਮੀ ਪਾਰਟੀ ਨਾਲ ਗਠਜੋੜ ’ਤੇ ਕੇਂਦਰਿਤ ਸੀ। ਵਿਧਾਇਕ ਅਤੇ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਤੋਂ ਬਾਅਦ ਬੁੱਧਵਾਰ ਨੂੰ ਕਰੀਬ 200 ਬਲਾਕ ਪ੍ਰਧਾਨਾਂ ਨੇ ਹੱਥ ਖੜ੍ਹੇ ਕਰ ਕੇ ਸੂਬਾ ਇੰਚਾਰਜ ਨੂੰ ਕਿਹਾ ਕਿ ਉਹ ਗਠਜੋੜ ਦੇ ਖਿਲਾਫ ਹਨ, ਜਦਕਿ ਕਿਸੇ ਨੇ ਵੀ ਗਠਜੋੜ ਦੇ ਹੱਕ ’ਚ ਹੱਥ ਨਹੀਂ ਉਠਾਇਆ। ਮੀਟਿੰਗ ਵਿੱਚ ਸਭ ਤੋਂ ਵੱਧ ਗੁੱਸਾ ਅਨੁਸ਼ਾਸਨਹੀਣਤਾ ਕਰਨ ਵਾਲੇ ਸਿੱਧੂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਸੀ।ਦੱਸ ਦੇਈਏ ਕਿ ਸਿੱਧੂ ਲਗਾਤਾਰ ਰੈਲੀਆਂ ਕਰ ਰਹੇ ਹਨ। ਬਾਕੀ ਕਾਂਗਰਸੀ ਆਗੂਆਂ ਦੀ ਇਨ੍ਹਾਂ ਵਿੱਚ ਕੋਈ ਹਿੱਸੇਦਾਰੀ ਨਹੀਂ ਹੈ। ਪਾਰਟੀ ਆਗੂ ਇਸ ਨੂੰ ਅਨੁਸ਼ਾਸਨਹੀਣਤਾ ਮੰਨ ਰਹੇ ਹਨ। ਉਧਰ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਸਬੰਧੀ ਪਾਰਟੀ ਹਾਈਕਮਾਂਡ ਨੂੰ ਕੋਈ ਲਿਖਤੀ ਸ਼ਿਕਾਇਤ ਨਹੀਂ ਕੀਤੀ ਹੈ, ਜਦਕਿ ਸਿੱਧੂ ਅਤੇ ‘ਆਪ’ ਵਿਚਾਲੇ ਗਠਜੋੜ ਨਾ ਕਰਨ ਦਾ ਮੁੱਦਾ ਪਿਛਲੇ ਦੋ ਦਿਨਾਂ ਤੋਂ ਕਾਂਗਰਸ ਦੀ ਮੀਟਿੰਗ ਵਿੱਚ ਹਾਵੀ ਹੈ। ਇਸ ਕਾਰਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਨੇ ਪਾਰਟੀ ਮੀਟਿੰਗ ਦਾ ਬਾਈਕਾਟ ਕੀਤਾ ਹੈ। ਸਿੱਧੂ ਵੀ ਪਾਰਟੀ ਮੀਟਿੰਗ ਵਿੱਚ ਹਿੱਸਾ ਲੈਣ ਨਹੀਂ ਆਏ। ਇਸ ਸਬੰਧੀ ਦੇਵੇਂਦਰ ਯਾਦਵ ਨੇ ਵੀਰਵਾਰ ਨੂੰ ਸਿੱਧੂ ਨੂੰ ਸੱਦਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਖੁਦ ਮੀਡੀਆ ਨੂੰ ਦਿੱਤੀ।ਇਸ ਦੇ ਨਾਲ ਹੀ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਗਠਜੋੜ ਬਾਰੇ ਉਨ੍ਹਾਂ ਦਾ ਸਟੈਂਡ ਪਹਿਲਾਂ ਵਾਂਗ ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਇੰਚਾਰਜ ਦੋ ਦਿਨਾਂ ਤੋਂ ਪਾਰਟੀ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਦੇ ਸਾਹਮਣੇ ਵੀ ਪੂਰੀ ਤਸਵੀਰ ਆ ਗਈ ਹੈ ਕਿਉਂਕਿ ਪਹਿਲਾਂ ਸਿਰਫ਼ ਵਿਧਾਇਕ ਜਾਂ ਸੰਸਦ ਮੈਂਬਰ ਹੀ ਆਪਣੇ ਵਿਚਾਰ ਪ੍ਰਗਟ ਕਰਦੇ ਸਨ, ਹੁਣ ਤਾਂ ਚੋਣ ਲੜਨ ਵਾਲੇ ਉਮੀਦਵਾਰਾਂ ਅਤੇ ਬਲਾਕ ਮੁਖੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਹਨ।