ਚੰਡੀਗੜ੍ਹ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਖਿੱਚੀ ਤਿਆਰੀ

ਲੋਕ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ-ਨਾਲ ਕਾਂਗਰਸ ਪਾਰਟੀ ਨੇ ਚੋਣਾਂ ਲਈ ਤਿਆਰੀਆਂ ਖਿੱਚ ਲਈਆਂ ਹਨ। ਅੱਜ ਚੰਡੀਗੜ੍ਹ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਨੇ ਚੰਡੀਗੜ੍ਹ ਦੇ ਸਾਰੇ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ, ਬੂਥ ਪੱਧਰੀ, ਕੌਂਸਲਰਾਂ ਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕਾਂਗਰਸ ਦੇ ਕੌਮੀ ਸਕੱਤਰ ਤੇਜਿੰਦਰ ਸਿੰਘ ਬਿੱਟੂ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਮੌਜੂਦ ਰਹੇ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਭਾਜਪਾ ਦੀਆਂ ਨਕਾਮੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕਾਂਗਰਸ ਦੀ ਭਵਿੱਖ ਦੀ ਰਣਨੀਤੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜ਼ੋਰ ਦਿੱਤਾ। ਚੰਡੀਗੜ੍ਹ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਨੇ ਸਾਰਿਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਤੱਕ ਵੱਧ ਤੋਂ ਵੱਧ ਸੰਪਰਕ ਬਨਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਗਰੀਬ ਔਰਤਾਂ ਨੂੰ ਹਰ ਸਾਲ ਇਕ ਲੱਖ ਰੁਪਏ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਸਰਕਾਰ ਬਣਦੇ ਹੀ ਦੇਸ਼ ਵਿੱਚ 30 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਦੇ 10 ਸਾਲਾਂ ਦੇ ਰਾਜ ਵਿੱਚ ਦੇਸ਼ ਦਾ ਵਿਕਾਸ ਨਹੀਂ ਵਿਨਾਸ਼ ਹੋਇਆ ਹੈ। ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਪਾਰਟੀ ਦੇ ਰਾਜ ਵਿੱਚ ਹਰ ਵਰਗ ਦੇ ਲੋਕਾਂ ਦਾ ਵਿਕਾਸ ਹੋਇਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੰਡੀਆ ਗਠਜੋੜ ਤੇਜ਼ੀ ਨਾਲ ਚੋਣ ਪ੍ਰਚਾਰ ਵਿੱਚ ਜੁੱਟ ਗਿਆ ਹੈ, ਜਿਸ ਕਰਕੇ ਭਾਜਪਾ ਨੂੰ ਆਪਣੀ ਹਾਰ ਦਿਖਾਈ ਦੇਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਜਾਣਬੂਝ ਕੇ ਇੰਡੀਆ ਗਠਜੋੜ ਨੂੰ ਰੋਕਣ ਲਈ ਗੈਰ ਲੋਕਤਾਂਤਰਿਕ ਢੰਗ ਨਾਲ ਕੰਮ ਕਰ ਰਹੀ ਹੈ, ਜੋ ਲਗਾਤਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਕਾਂਗਰਸ ਦਾ ਖਰੜਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਰ ਵਾਰਡ ਤੇ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਹੋਇਆ ਹੈ। ਇਸ ਮੌਕੇ ਭਾਜਪਾ ਦੇ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਰਹੇ। ਚੰਡੀਗੜ੍ਹ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਨੇ ਕਿਹਾ ਕਿ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲਈ ਉਮੀਦਵਾਰ ਦਾ ਐਲਾਨ ਜਲਦੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਮੀਦਵਾਰ ਦੀ ਚੋਣ ਕਰਨ ਲਈ ਲਗਾਤਾਰ ਮੰਥਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਜਲਦ ਹੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲਈ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਦੇ ਨਾਮ ’ਤੇ ਮੰਥਨ ਕੀਤਾ ਜਾ ਰਿਹਾ ਹੈ।

ਸਾਂਝਾ ਕਰੋ