ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਥਾਂ-ਥਾਂ ਵਿਰੋਧ

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਮਜੀਠਾ ਵਿੱਚ ਪਹੁੰਚਣ ’ਤੇ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਕੀਤਾ ਗਿਆ। ਭਾਜਪਾ ਉਮੀਦਵਾਰ ਵੱਲੋਂ ਅੱਜ ਮਜੀਠਾ ਕਸਬੇ ਦੇ ਬਾਹਰ ਇੱਕ ਪੈਲੇਸ ਵਿੱਚ ਚੋਣ ਮੀਟਿੰਗ ਰੱਖੀ ਗਈ ਸੀ, ਜਿਸ ਦੇ ਮੱਦੇਨਜ਼ਰ ਵੱਡੀ ਗਿਣਤੀ ਕਿਸਾਨ ਉੱਥੇ ਪਹੁੰਚ ਗਏ। ਮੀਟਿੰਗ ਵਾਲੀ ਥਾਂ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਭਾਜਪਾ ਉਮੀਦਵਾਰ ਕਿਸਾਨਾਂ ਦਾ ਰੋਹ ਵੇਖ ਬਚ ਕੇ ਨਿਕਲ ਗਏ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ, ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਜੇ ਕੋਈ ਨੁਮਾਇੰਦਾ ਵੋਟ ਮਿਲਣ ਤੋਂ ਪਹਿਲਾਂ ਹੀ ਲੋਕਾਂ ਦੇ ਸਵਾਲ ਪੁੱਛਣਾ ਵਾਜਿਬ ਨਹੀਂ ਸਮਝ ਰਿਹਾ ਤਾਂ ਐੱਮਪੀ ਬਣ ਕੇ ਲੋਕ ਹੱਕਾਂ ਦੀ ਗੱਲ ਕਿਵੇਂ ਸੁਣੇਗਾ। ਕਿਸਾਨ ਆਗੂਆਂ ਨੇ ਆਖਿਆ ਕਿ ਪੁਲੀਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਵੱਲੋਂ ਮਜੀਠਾ ਫਤਿਹਗੜ੍ਹ ਚੂੜੀਆਂ ਸੜਕ ’ਤੇ ਬੈਠ ਕੇ ਧਰਨਾ ਦਿੱਤਾ ਗਿਆ। ਇਸ ਦੌਰਾਨ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਵੀ ਸਵਾਲ ਪੁੱਛਣ ਵਾਸਤੇ ਕਿਸਾਨਾਂ ਦਾ ਜੱਥਾ ਪੁੱਜਿਆ। ਕਿਸਾਨ ਆਗੂ ਰਣਜੀਤ ਸਿੰਘ ਕਲੇਰ ਦੀ ਅਗਵਾਈ ਹੇਠ ਕਿਸਾਨ ਉੱਥੇ ਪੁੱਜੇ ਤਾਂ ਭਾਜਪਾ ਉਮੀਦਵਾਰ ਵੱਲੋਂ ਪ੍ਰੋਗਰਾਮ ਹੀ ਰੱਦ ਕਰ ਦਿੱਤਾ ਗਿਆ।

ਦੱਸਣਯੋਗ ਹੈ ਕਿ ਬੀਤੇ ਦਿਨ ਪਿੰਡ ਭਿੱਟੇਵੱਡ ਵਿੱਚ ਜਦੋਂ ਕਿਸਾਨ ਕਾਰਕੁਨ ਭਾਜਪਾ ਉਮੀਦਵਾਰ ਦੇ ਪ੍ਰੋਗਰਾਮ ਵਿੱਚ ਸਵਾਲ ਪੁੱਛਣ ਲਈ ਇਕੱਠੇ ਹੋਏ ਸਨ ਤਾਂ ਭਾਜਪਾ ਕਾਰਕੁਨਾਂ ਵੱਲੋਂ ਕਿਸਾਨਾਂ ’ਤੇ ਇੱਟਾਂ ਰੋੜੇ ਚਲਾਏ ਗਏ ਸਨ, ਜਿਸ ਦੌਰਾਨ ਛੇ ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿੱਚ ਕਿਸਾਨ ਜਥੇਬੰਦੀ ਵੱਲੋਂ ਬੀਤੇ ਦਿਨ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਅੱਜ ਪੰਜਾਬ ਸਰਕਾਰ ਅਤੇ ਸਿਟੀ ਪੁਲੀਸ ’ਤੇ ਸਿਆਸੀ ਪ੍ਰਭਾਵ ਹੇਠ ਕੰਮ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਆਖਿਆ ਕਿ ਭਾਜਪਾ ਆਗੂ ਨੀਰਜ ਰਾਜਪੂਤ ਨੂੰ ਸਿਆਸੀ ਦਬਾਅ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਹੈ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੇ ਮੰਤਵ ਨਾਲ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਤੀ ਦੇਰ ਸ਼ਾਮ ਮੋਹਕਮਪੁਰਾ ਪੁਲੀਸ ਵੱਲੋਂ ਨੀਰਜ ਰਾਜਪੂਤ ਨੂੰ ਫੜਨ ਤੋਂ ਬਾਅਦ ਉਨ੍ਹਾਂ ਨੇ ਵੱਖ-ਵੱਖ ਪੁਲੀਸ ਅਧਿਕਾਰੀਆਂ ਨੂੰ ਵਾਰ-ਵਾਰ ਫੋਨ ਕੀਤਾ ਪਰ ਕਿਸੇ ਨੇ ਵੀ ਜਵਾਬ ਨਹੀਂ ਦਿੱਤਾ। ਉਨ੍ਹਾਂ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਦੀ ਤੁਰੰਤ ਦਖਲਅੰਦਾਜ਼ੀ ਦੀ ਮੰਗ ਕਰਦਿਆਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਦੂਜੇ ਪਾਸੇ ਪੁਲੀਸ ਅਧਿਕਾਰੀਆਂ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਨੀਰਜ ਰਾਜਪੂਤ ਨੂੰ ਤਿੰਨ ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਪਿੰਡ ਤਰਗੜ੍ਹ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜੇ ਗੁਰਦਾਸਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ। ਭਾਜਪਾ ਆਗੂਆਂ ਅਤੇ ਕਿਸਾਨ ਆਗੂਆਂ ਵਿਚਕਾਰ ਹੋਣ ਵਾਲੇ ਟਕਰਾਅ ਨੂੰ ਵੀ ਪੁਲੀਸ ਨੇ ਬੜੀ ਮੁਸ਼ੱਕਤ ਨਾਲ ਰੋਕਿਆ। ਵਿਰੋਧ ਕਰਨ ਵਾਲਿਆਂ ਵਿੱਚ ਕਿਸਾਨ ਆਗੂ ਕਰਮਜੀਤ ਸਿੰਘ ਰੰਧਾਵਾ, ਪਿਸ਼ੌਰਾ ਸਿੰਘ, ਜਸਵੰਤ ਸਿੰਘ, ਹਰਮਨਵੀਰ ਸਿੰਘ, ਰਛਪਾਲ ਸਿੰਘ, ਕੁਲਜੀਤ ਸਿੰਘ, ਗੋਰਾ ਸਿੰਘ, ਤਿਰਲੋਕ ਸਿੰਘ, ਸੁਬੇਗ ਸਿੰਘ, ਲਵਲੀ ਸਿੰਘ, ਲਖਵਿੰਦਰ ਸਿੰਘ, ਰਣਜੀਤ ਸਿੰਘ, ਸੰਦੀਪ ਸਿੰਘ, ਕਮਲਜੀਤ ਸਿੰਘ, ਪ੍ਰੇਮ ਸਿੰਘ ਆਦਿ ਸ਼ਾਮਲ ਸਨ। ਕਿਸਾਨ ਆਗੂ ਜਸਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਜੋ ਮੰਗਾਂ ਮੰਨੀਆਂ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਕਿਹਾ ਕਿ ਉਹ ਵੀ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹਨ, ਉਨ੍ਹਾਂ ਕਿਹਾ, ‘‘ਕਿਸਾਨ ਸਾਡੇ ਭਰਾ ਹਨ।

ਸਾਂਝਾ ਕਰੋ