ਧਰਮ ਦੀ ਰਾਜਨੀਤੀ ਕਰ ਰਹੀ ਹੈ ਭਾਜਪਾ

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਅਤੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਪਹਿਲਾਂ ਅੰਗਰੇਜ਼ਾਂ ਤੋਂ ਆਜ਼ਾਦ ਹੋਇਆ ਸੀ ਅਤੇ ਅੱਜ ਭਾਜਪਾ ਤੋਂ ਆਜ਼ਾਦ ਕਰਵਾਉਣ ਦਾ ਸਮਾਂ ਹੈ। ਲੋਕ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਦੇਸ਼ ਨੂੰ ਸਹੀ ਦਿਸ਼ਾ ਵੱਲ ਲੈ ਜਾ ਸਕਦੇ ਹਨ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਸਰਕਾਰ ਧਰਮ ਦੀ ਰਾਜਨੀਤੀ ਕਰ ਰਹੀ ਹੈ। ਉਹ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੇ ਹਨ ਅਤੇ ਇਸ ਵਾਰ ਉਹ ਰਾਮ ਮੰਦਰ ਦੇ ਮੁੱਦੇ ‘ਤੇ ਵੋਟਾਂ ਲੈਣਾ ਚਾਹੁੰਦੇ ਹਨ ਪਰ ਭਾਰਤ ਦੇ ਲੋਕ ਅਜਿਹੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ, ਇਸ ਲਈ ਉਹ ਇਸ ਵਾਰ ਮੋਦੀ ਦੇ ਜਾਲ ਵਿਚ ਨਹੀਂ ਫਸਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇੱਕ ਵਾਰ 1947 ਵਿੱਚ ਭਾਰਤ ਨੂੰ ਆਜ਼ਾਦ ਕਰਵਾਇਆ ਸੀ, ਪਰ ਹੁਣ ਇੱਕ ਵਾਰ ਫਿਰ ਮੋਦੀ ਵੱਲੋਂ ਅਡਾਨੀ-ਅਬਾਨੀ ਨੂੰ ਦਿੱਤੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੋਕ ਅੱਗੇ ਆਉਣ। ਇਸ ਤੋਂ ਬਾਅਦ ਸ੍ਰੀ ਔਜਲਾ ਨੇ ਕਾਂਗਰਸ ਕਮੇਟੀ ਦੇ ਦਿਹਾਤੀ ਦਫ਼ਤਰ ਵਿੱਚ ਮਹਿਲਾ ਆਗੂਆਂ ਨਾਲ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਵਿੰਦਰ ਨਿਸ਼ਚਲ ਸ਼ੰਮੀ, ਸਰਜੀਵਨ ਲਤਾ ਸ਼ਰਮਾ, ਪ੍ਰਧਾਨ ਸਰਬਜੀਤ ਕੌਰ, ਵੀਨਾ ਘਈ ਸਣੇ ਹੋਰ ਵਰਕਰ ਹਾਜ਼ਰ ਸਨ।

ਸਾਂਝਾ ਕਰੋ