ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵਿਰੋਧੀ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਤੇ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦਾ ਘਿਰਾਓ ਕਰਦਿਆਂ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਦੀ ਲੋਕਾਂ ਨੂੰ ‘ਜੁਮਲਿਆਂ’ (ਝੂਠੇ ਵਾਅਦਿਆਂ) ਤੋਂ ਇਲਾਵਾ ਹੋਰ ਕੀ ਦੇਣ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ 10 ਸਾਲ ਲੋਕਾਂ ਨੂੰ ਆਪਣੇ ਹਲਕੇ ਵਿੱਚ ਨਜ਼ਰ ਨਹੀਂ ਆਏ। ਇਸੇ ਤਰ੍ਹਾਂ ਅਸ਼ੋਕ ਪਰਾਸ਼ਰ ਪੱਪੀ ਹਲਕਾ ਕੇਂਦਰੀ ਤੋਂ ਵਿਧਾਇਕ ਹਨ, ਜਿਸ ਵਿਧਾਇਕ ਨੇ ਦੋ ਸਾਲਾਂ ਵਿੱਚ ਆਪਣੇ ਹਲਕੇ ਵਿੱਚ ਕੋਈ ਕੰਮ ਨਹੀਂ ਕੀਤਾ, ਉਹ ਲੋਕ ਸਭਾ ਲੋਕਾਂ ਦੀ ਕਿਵੇਂ ਆਵਾਜ਼ ਬਣੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਕਾਂਗਰਸ ਦਾ ਇੱਕ ਸਪੱਸ਼ਟ ਮਿਸ਼ਨ, ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਕਰਨਾ ਹੈ, ਭਾਵੇਂ ਉਹ ਕਿਸਾਨ, ਨੌਜਵਾਨ, ਔਰਤਾਂ ਜਾਂ ਆਮ ਵਰਕਰ ਹਨ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਨੇ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਗਾਰੰਟੀ ਦਿੱਤੀ ਹੈ। ਇਸ ਤੋਂ ਇਲਾਵਾ, ਐੱਮਐੱਸਪੀ ਲਈ ਕਾਨੂੰਨੀ ਗਾਰੰਟੀ ਹੋਵੇਗੀ।

ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਇੱਕ ਵਾਰ ਦੀ ਗੱਲ ਨਹੀਂ ਹੋਵੇਗੀ, ਸਗੋਂ ਇੱਕ ਸਥਾਈ ‘ਕਰਜ਼ਾ ਰਾਹਤ ਕਮਿਸ਼ਨ’ ਹੋਵੇਗਾ, ਜੋ ਸਮੇਂ-ਸਮੇਂ ’ਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਲੋੜ ਨੂੰ ਘੋਖਦਾ ਰਹੇਗਾ। ਵੜਿੰਗ ਨੇ ਭਾਜਪਾ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਕਿ ਉਹ ਕਿਸਾਨਾਂ ਪ੍ਰਤੀ ਇੱਕ ਵੀ ਅਜਿਹੀ ਵਚਨਬੱਧਤਾ ਦਰਸਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਤੋਂ ਕੋਈ ਉਮੀਦ ਨਹੀਂ ਹੈ, ਕਿਉਂਕਿ ਇਸ ਦਾ ‘ਕਿਸਾਨ ਵਿਰੋਧੀ ਏਜੰਡਾ’ ਸਭ ਜਾਣਦੇ ਹਨ। ਉਨ੍ਹਾਂ ਅਕਾਲੀਆਂ ਨੂੰ ਪੁੱਛਿਆ ਕਿ ਉਹ ਕੀ ਪੇਸ਼ਕਸ਼ ਕਰ ਸਕਦੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਸੂਬਾ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ‘ਆਪ’ ਸਰਕਾਰ ਦੇਸ਼ ਭਰ ਵਿੱਚ ਇਸ਼ਤਿਹਾਰਾਂ ਦੇ ਪ੍ਰਕਾਸ਼ਨ ਅਤੇ ਪ੍ਰਸਾਰਣ ਲਈ ਕਰਜ਼ਾ ਲੈ ਸਕਦੀ ਹੈ ਤਾਂ ਉਹ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਤਰ੍ਹਾਂ ਕਰਜ਼ਾ ਕਿਉਂ ਨਹੀਂ ਲੈ ਸਕਦੀ।

ਸਾਂਝਾ ਕਰੋ

ਪੜ੍ਹੋ