CAA ਲਾਗੂ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਪਹਿਲੇ 14 ਲੋਕਾਂ ਨੂੰ ਇਸ ਦਾ ਲਾਭ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ, ਬੁੱਧਵਾਰ ਨੂੰ ਕੇਂਦਰੀ ਗ੍ਰਹਿ ਸਕੱਤਰ ਨੇ ਉਨ੍ਹਾਂ 14 ਲੋਕਾਂ ਨੂੰ ਨਾਗਰਿਕਤਾ ਸਰਟੀਫਿਕੇਟ ਵੀ ਸੌਂਪੇ ਜੋ ਭਾਰਤੀ ਨਾਗਰਿਕਤਾ ਲੈਣ ਲਈ ਸਾਲਾਂ ਤੋਂ ਸੰਘਰਸ਼ ਕਰ ਰਹੇ ਸਨ। ਨਾਗਰਿਕਤਾ (ਸੋਧ) ਨਿਯਮ, 2024 ਦੇ ਲਾਗੂ ਹੋਣ ਤੋਂ ਬਾਅਦ ਬੁੱਧਵਾਰ ਨੂੰ ਪਹਿਲੀ ਵਾਰ 14 ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ। ਗ੍ਰਹਿ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਹ ਜਾਣਕਾਰੀ ਦਿੱਤੀ।
ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਬਿਨੈਕਾਰਾਂ ਨੂੰ ਸਰਟੀਫਿਕੇਟ ਸੌਂਪਣ ਦੇ ਨਾਲ-ਨਾਲ ਵਧਾਈ ਦਿੱਤੀ। ਕੇਂਦਰ ਸਰਕਾਰ ਨੇ ਇਸੇ ਸਾਲ 11 ਮਾਰਚ ਨੂੰ ਨਾਗਰਿਕਤਾ ਸੋਧ ਕਾਨੂੰਨ ਭਾਵ CAA ਲਾਗੂ ਕੀਤਾ ਸੀ। ਇਸ ਐਕਟ ਤਹਿਤ ਭਾਰਤ ਦੇ ਤਿੰਨ ਗੁਆਂਢੀ ਮੁਲਕਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਸਤਾਏ ਘੱਟ ਗਿਣਤੀਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਣੀ ਹੈ। ਹਾਲਾਂਕਿ, ਇਸ ਐਕਟ ਦਾ ਲਾਭ ਸਿਰਫ ਉਨ੍ਹਾਂ ਲੋਕਾਂ ਨੂੰ ਦਿੱਤਾ ਜਾ ਸਕਦਾ ਹੈ ਜੋ 31 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਭਾਰਤ ਆਏ ਹਨ। ਇਸ ਐਕਟ ਤਹਿਤ ਗੁਆਂਢੀ ਮੁਲਕਾਂ ਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈਆਂ ਨੇ ਅਪਲਾਈ ਕੀਤਾ ਸੀ।