ਮੋਦੀ ਦਾ ਸ਼ਾਂਤਮਈ ਵਿਰੋਧ ਕਰਨਗੇ ਕਿਸਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਦੋ ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਜਗਰਾਉਂ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਿਸ ’ਚ ਭਾਜਪਾ ਤੇ ਮੋਦੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਜਪਾ ਨੂੰ ਟੱਕਰ ਦੇਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ 23 ਮਈ ਨੂੰ ਪਟਿਆਲਾ ਆ ਰਹੇ ਪ੍ਰਧਾਨ ਮੰਤਰੀ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੋਖਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੀ ਧਰਤੀ ’ਤੇ ਸਵਾਗਤ ਨਹੀਂ ਹੋ ਸਕਦਾ। ਇਸ ਦੌਰਾਨ ਪੰਜਾਬ ਭਰ ਤੋਂ ਕਿਸਾਨਾਂ ਨੂੰ ਕਾਲੀਆਂ ਝੰਡੀਆਂ ਲੈ ਕੇ ਪਟਿਆਲੇ ਪੁੱਜਣ ਦਾ ਸੱਦਾ ਦਿੱਤਾ ਗਿਆ। ਕਿਸਾਨਾਂ ਨੇ ਐਲਾਨ ਕੀਤਾ ਕਿ ਚੋਣਾਂ ਤੋਂ ਬਾਅਦ ਕੋਈ ਵੀ ਸਰਕਾਰ ਬਣੇ ਕਿਸਾਨੀ ਤੇ ਮਜ਼ਦੂਰ ਮੰਗਾਂ ਲਈ ਘੋਲ ਜਾਰੀ ਰੱਖਿਆ ਜਾਵੇਗਾ।

ਜਗਰਾਉਂ ਦੀ ਨਵੀਂ ਦਾਣਾ ਮੰਡੀ ’ਚ ਮਹਾਪੰਚਾਇਤ ਦੌਰਾਨ ਸੂਬੇ ਭਰ ਵਿਚ ਵੱਡੀ ਗਿਣਤੀ ਕਿਸਾਨ ਪੁੱਜੇ। ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਦੇ ਆਉਣ ਕਰਕੇ ਸ਼ਹਿਰ ਦੇ ਕਈ ਹਿੱਸਿਆਂ ਵਿਚ ਜਾਮ ਲੱਗਿਆ। ਮਹਾਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਹਰਮੀਤ ਸਿੰਘ ਕਾਦੀਆਂ, ਸਤਨਾਮ ਸਿੰਘ ਅਜਨਾਲਾ, ਹਰਦੇਵ ਸਿੰਘ ਸੰਧੂ, ਰਾਜਵਿੰਦਰ ਕੌਰ ਰਾਜੂ ਤੇ ਬੂਟਾ ਸਿੰਘ ਸ਼ਾਦੀਪੁਰ, ਪ੍ਰੇਮ ਸਿੰਘ ਭੰਗੂ ਆਦਿ ਨੇ ਕਿਹਾ ਕਿ ਕਿਸਾਨ ਵਿਰੋਧੀ ਭਾਜਪਾ ਦਾ ਹਰ ਖੇਤਰ ਵਿਚ ਵਿਰੋਧ ਕੀਤਾ ਜਾਵੇ। ਬੁਲਾਰਿਆਂ ਨੇ ਭਾਜਪਾ ਉਮੀਦਵਾਰਾਂ ਰਵਨੀਤ ਬਿੱਟੂ ਤੇ ਹੰਸ ਰਾਜ ਹੰਸ ਖਿਲਾਫ ਭੜਾਸ ਵੀ ਕੱਢੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਮੰਨ ਕੇ ਮੁੱਕਰ ਗਈ ਹੈ ਤੇ ਕਿਸਾਨਾਂ ਨੂੰ ਦਿੱਲੀ ਦਾਖਲ ਨਹੀਂ ਹੋਣ ਦਿੱਤਾ ਗਿਆ।

ਬੁਲਾਰਿਆਂ ਨੇ ਆਮ ਆਦਮੀ ਪਾਰਟੀ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਹੱਦਾਂ ’ਤੇ ਕਿਸਾਨਾਂ ’ਤੇ ਢਾਹੇ ਤਸ਼ੱਦਦ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ। ਇਸ ਤਸ਼ੱਦਦ ਤੋਂ ਬਾਅਦ ਇਸ ਸਰਕਾਰ ਦੀ ਕਾਰਗੁਜ਼ਾਰੀ ਵੀ ਨਿਰਾਸ਼ਾਜਨਕ ਰਹੀ ਹੈ।

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਪ੍ਰਧਾਨ ਮੰਤਰੀ ਦੀ ਉਡੀਕ ਕਰ ਰਹੇ ਹਨ ਅਤੇ ਹੁਣ ਇਹ ਮੌਕਾ ਆ ਰਿਹਾ ਹੈ ਜਿਸ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਮੁੜ ਭਾਜਪਾ ਸਰਕਾਰ ਬਣਨ ’ਤੇ ਦੇਸ਼ ਵਿਚ ਫੇਰ ਕਦੇ ਚੋਣਾਂ ਨਾ ਹੋਣ ਦਾ ਖਦਸ਼ਾ ਜ਼ਾਹਰ ਕੀਤਾ। ਇਸ ਮੌਕੇ ਖੇਤੀ ’ਤੇ ਕਾਰਪੋਰੇਟਾਂ ਦੇ ਕਬਜ਼ੇ, ਕਿਸਾਨਾਂ ਦੀ ਆਮਦਨ ਦੁੱਗਣੀ ਹੋਣ ਦੀ ਥਾਂ ਹੋਰ ਘੱਟ ਹੋਣ, ਪਾਣੀਆਂ ਦੇ ਮੁੱਦੇ, ਲਖੀਮਪੁਰ ਖੀਰੀ ਸਮੇਤ ਕਿਸਾਨੀ ਨਾਲ ਜੁੜੇ ਹੋਰ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਇਕੱਤਰਤਾ ਨੂੰ ਬਲਦੇਵ ਸਿੰਘ ਨਿਹਾਲਗੜ੍ਹ, ਬਿੰਦਰ ਸਿੰਘ ਗੋਲੇਵਾਲਾ, ਸੁੱਖ ਗਿੱਲ ਮੋਗਾ, ਪ੍ਰਿਥਪਾਲ ਸਿੰਘ ਗੁਰਾਇਆ, ਬੋਘ ਸਿੰਘ ਮਾਨਸਾ, ਰੂਪ ਬਸੰਤ ਸਿੰਘ, ਗੁਰਦੇਵ ਸਿੰਘ ਵਰਪਾਲ, ਹਰਜਿੰਦਰ ਸਿੰਘ ਟਾਂਡਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਲਵਿੰਦਰ ਸਿੰਘ ਰਾਜੂ ਔਲਖ, ਕਿਰਨਜੀਤ ਸਿੰਘ ਸੇਖੋਂ ਆਦਿ ਨੇ ਵੀ ਸੰਬੋਧਨ ਕੀਤਾ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...