ਕਾਂਗਰਸ ਤੇ ‘ਆਪ’ ਨੇ ਘਰ-ਘਰ ਨਸ਼ਾ ਵੰਡਿਆ

ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨੂੰ ਘਰ-ਘਰ ਬੇਰੁਜ਼ਗਾਰੀ ਤੇ ਨਸ਼ਾ ਦਿੱਤਾ ਹੈ। ਇਸ ਲਈ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਠੁਕਰਾਅ ਕੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸੂਬੇ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣ। ਬੀਬੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਘਰ-ਘਰ ਨੌਕਰੀ ਅਤੇ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਕਾਂਗਰਸ ਨੇ ਆਪਣੇ ਕਾਰਜਕਾਲ ਵਿੱਚ ਇਨ੍ਹਾਂ ਵਾਅਦਿਆਂ ਦੀ ਪੂਰਤੀ ਵਾਸਤੇ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ‘ਆਪ’ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਣਡਿੱਠ ਕਰਕੇ ਰਾਜਸਥਾਨ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਪਹਿਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਪਸਾਰ ਦੇ ਮਾਮਲੇ ਵਿੱਚ ਵੀ ਕਾਂਗਰਸ ਤੇ ‘ਆਪ’ ਦਾ ਇਕੋ ਰਿਕਾਰਡ ਹੈ।

ਬਠਿੰਡਾ ਲੋਕ ਸਭਾ ਹਲਕੇ ਵਿੱਚ ਭਾਵੇਂ ਸਿਰ-ਧੜ ਦੀ ਬਾਜ਼ੀ ਲੱਗੀ ਹੋਈ ਹੈ ਅਤੇ ਲਗਾਤਾਰ ਤਿੰਨ ਵਾਰ ਸੰਸਦੀ ਮੈਂਬਰ ਬਣਨ ਤੋਂ ਬਾਅਦ ਹੁਣ ਚੌਥੀ ਵਾਰ ਪਾਰਲੀਮੈਂਟ ਦੀਆਂ ਪੌੜੀਆਂ ਚੜ੍ਹਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਚੋਣ ਮੈਦਾਨ ਵਿੱਚ ਡਟੇ ਹੋਏ ਹਨ। ਉਥੇ ਅਕਾਲੀ ਦਲ ਦੇ ਲਗਭਗ ਸਾਰੇ ਸਾਬਕਾ ਵਿਧਾਇਕ ਇਸ ਵੇਲੇ ਪਾਰਟੀ ਦੀ ਮੁਹਿੰਮ ਤੋਂ ਦੂਰ ਚੱਲੇ ਆ ਰਹੇ ਹਨ। ਇਨ੍ਹਾਂ ਸਾਬਕਾ ਵਿਧਾਇਕਾਂ ’ਚੋਂ ਇੱਕ ਦਰਸ਼ਨ ਸਿੰਘ ਕੋਟਫੱਤਾ ਅੱਜ ਅਕਾਲੀ ਦਲ ਨੂੰ ਛੱਡ ਕੇ ’ਆਪ’ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਿਆਂ ਤੋਂ ਪ੍ਰਾਪਤ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇਸ ਵੇਲੇ ਹਰਸਿਮਰਤ ਬਾਦਲ ਦੀ ਚੋਣ ਮੁਹਿੰਮ ਵਿੱਚ ਸਿਵਾਏ ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਅਤੇ ਉਨ੍ਹਾਂ ਸੁਪੱਤਰ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਤੋਂ ਬਿਨਾਂ ਹੋਰ ਕੋਈ ਹਰਸਿਮਰਤ ਬਾਦਲ ਦੀ ਚੋਣ ਮੁਹਿੰਮ ਨੂੰ ਪੱਕੇ ਪੈਰੀਂ ਕਰਨ ਲਈ ਅਜੇ ਤੱਕ ਨਾਲ ਨਹੀਂ ਚੱਲ ਸਕਿਆ।

ਵੇਰਵਿਆਂ ਅਨੁਸਾਰ ਇਸ ਵੇਲੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਮੁਖੀ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਚੁੱਪ ਧਾਰ ਰੱਖੀ ਹੈ। ਇਸੇ ਤਰ੍ਹਾਂ ਮਾਨਸਾ ਤੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਬੇਸ਼ੱਕ ਹਰਸਿਮਰਤ ਬਾਦਲ ਦਾ ਲੰਬੇ ਸਮੇਂ ਤੋਂ ਸਤਿਕਾਰ ਕਰਦੇ ਹਨ ਪਰ ਉਹ ਢੀਂਡਸਾ ਧੜੇ ਵਿੱਚ ਜਾਣ ਕਰਕੇ ਇਸ ਵੇਲੇ ਉਨ੍ਹਾਂ ਦੀ ਪੁਜ਼ੀਸ਼ਨ ਘਰ ਬੈਠਿਆ ਵਰਗੀ ਹੀ ਹੈ। ਅਕਾਲੀ ਦਲ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਇਸ ਵੇਲੇ ਪਾਰਟੀ ਛੱਡ ਕੇ ਕਾਂਗਰਸ ਉਮੀਦਵਾਰ ਵਜੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਇਸੇ ਤਰ੍ਹਾਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਪ੍ਰੇਮ ਮਿੱਤਲ, ਮੰਗਤ ਰਾਏ ਬਾਂਸਲ ਵੀ ਅਕਾਲੀ ਦਲ ਤੋਂ ਪਾਸੇ ਹੱਟ ਕੇ ਭਾਜਪਾ ਦੇ ਹੱਕ ਵਿੱਚ ਵੋਟਾਂ ਮੰਗ ਰਹੇ ਹਨ। ਸਾਬਕਾ ਅਕਾਲੀ ਮੰਤਰੀ ਚਰੰਜੀ ਲਾਲ ਗਰਗ, ਗੁਰਾਂ ਸਿੰਘ ਤੁੰਗਵਾਲੀ, ਹਰਬੰਸ ਸਿੰਘ ਜਲਾਲ ਵੀ ਹਰਸਿਮਰਤ ਬਾਦਲ ਦੇ ਨਾਲ ਨਹੀਂ ਚੱਲ ਰਹੇ ਹਨ। ਅਕਾਲੀ ਦਲ ਦੇ ਮਾਨਸਾ ਹਲਕਾ ਇੰਚਾਰਜ ਪ੍ਰੇਮ ਅਰੋੜਾ ਨਾਲ ਜਦੋਂ ਸੰਪਰਕ ਕੀਤਾ ਤਾਂ ਉਨ੍ਹਾਂ ਮੰਨਿਆ ਕਿ ਭਾਵੇਂ ਕੁਝ ਸਾਬਕਾ ਵਿਧਾਇਕ ਬੀਬੀ ਬਾਦਲ ਦੀ ਚੋਣ ਮੁਹਿੰਮ ਤੋਂ ਦੂਰ ਹਨ ਪਰ ਕੋਈ ਵੀ ਸਿਆਸੀ ਆਗੂ ਹਮੇਸ਼ਾ ਪਾਰਟੀ ਨਾਲ ਤਕੜਾ ਹੁੰਦਾ ਹੈ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...