ਕਿਸਾਨਾਂ ਨੇ ਧਰਤੀ ਹੇਠਲਾ ਪਾਣੀ ਡੂੰਘਾ ਹੋਣ ’ਤੇ ਪ੍ਰਗਟਾਈ ਚਿੰਤਾ

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਪੰਜਾਬ ਦੇ ਪਾਣੀਆਂ ਸਬੰਧੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੀਆਂ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਦੇ ਆਗੂ, ਸਮਾਜਸੇਵੀ ਤੇ ਬੁੱਧੀਜੀਵੀ ਸ਼ਾਮਲ ਹੋਏ। ਸੈਮੀਨਾਰ ਨੂੰ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਡਾ. ਅਜਮੇਰ ਸਿੰਘ ਬਰਾੜ (ਖੇਤੀ ਯੂਨੀਵਰਸਿਟੀ ਲੁਧਿਆਣਾ), ਡਾ. ਕਾਹਨ ਸਿੰਘ ਪੰਨੂ, ਟੈਕਨੀਕਲ ਐਡਵਾਈਜ਼ਰ ਡਾ. ਰਾਜੇਸ਼ ਵਿਸ਼ਿਸ਼ਟ ਨੇ ਸੰਬੋਧਨ ਕੀਤਾ। ਇਸ ਮੌਕੇ ਕਿਸਾਨਾਂ ਤੇ ਬੁੱਧੀਜੀਵੀਆਂ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡੂੰਘਾ ਹੋਣ ’ਤੇ ਚਿੰਤਾ ਪ੍ਰਗਟਾਈ।

ਇਸ ਦੇ ਨਾਲ ਹੀ ਦਰਿਆਈ ਪਾਣੀਆਂ ਦੇ ਸੰਵਿਧਾਨਕ ਹੱਕਾਂ ਬਾਰੇ ਚਰਚਾ ਕੀਤੀ। ਇਸ ਮੌਕੇ ਪੰਜਾਬ ਨੂੰ ਬਚਾਉਣ ਲਈ ਮੀਂਹ ਦੇ ਪਾਣੀ ਦੀ ਸਾਂਭ ਸੰਭਾਲ ਅਤੇ ਸੁਚੱਜੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ ਗਿਆ। ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੇ ਚਾਨਣਾ ਪਾਇਆ ਕਿ ਕਿਸ ਤਰ੍ਹਾਂ ਪੰਜਾਬ ਨਾਲ ਪਾਣੀਆਂ ਦੇ ਮਸਲੇ ਵਿੱਚ ਧੱਕਾ ਹੋਇਆ ਹੈ। ਡਾ. ਕਾਹਨ ਸਿੰਘ ਪੰਨੂ, ਡਾ. ਰਾਜੇਸ਼ ਵਿਸ਼ਿਸ਼ਟ ਤੇ ਡਾ. ਅਜਮੇਰ ਸਿੰਘ ਬਰਾੜ ਨੇ ਪਾਣੀ ਦੀ ਬੱਚਤ ਬਾਰੇ ਚਾਨਣਾ ਪਾਇਆ। ਇਸ ਮੌਕੇ ਪੰਜਾਬ ਦੇ ਪਾਣੀਆਂ ਤੇ ਖੇਤੀ ਨੂੰ ਬਚਾਉਣ ਲਈ ਵਧੇਰੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਆਗੂਆਂ ਨੇ ਕਿਹਾ ਕਿ ਰਿਪੇਰੀਅਨ ਸੂਬਾ ਹੋਣ ਕਾਰਨ ਪੰਜਾਬ ਪਾਣੀਆਂ ਦਾ ਕੁਦਰਤੀ ਮਾਲਕ ਹੈ। ਇਸ ਲਈ ਰਿਪੇਰੀਅਨ ਸਿਧਾਂਤ ਅਨੁਸਾਰ ਪਾਣੀਆਂ ਦੀ ਮਾਲਕੀ ਤੇ ਪੰਜਾਬ ਦਾ ਹੱਕ ਬਹਾਲ ਕੀਤਾ ਜਾਵੇ।

ਸਾਂਝਾ ਕਰੋ