ਨਾਕਸ ਨਿਕਾਸੀ ਪ੍ਰਬੰਧਾਂ ਖ਼ਿਲਾਫ਼ ਮਾਨਸਾ ਸ਼ਹਿਰ ਵਿੱਚ ਧਰਨਾ

ਮਾਨਸਾ ਵਿੱਚ ਸੀਵਰੇਜ ਦੇ ਓਵਰਫਲੋਅ ਹੋਣ ਦੀ ਸਮੱਸਿਆ ਨੂੰ ਲੈ ਕੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਸ਼ਹਿਰ ਵਿੱਚ ਸੀਵਰੇਜ ਦੇ ਗੰਦੇ ਪਾਣੀ ਦੇ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਤਕਲੀਫ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ। ਲਗਾਤਾਰ ਵੱਧਦੀ ਹੋਈ ਇਸ ਸਮੱਸਿਆ ਨੂੰ ਲੈ ਕੇ ਅੱਜ ਸ਼ਹਿਰ ਵਿੱਚ ਅੱਕੇ ਹੋਏ ਲੋਕਾਂ ਵੱਲੋਂ ਧਰਨਾ ਲਾਕੇ ਪ੍ਰਸ਼ਾਸਨ ਵਿਰੋਧੀ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਸੀਵਰੇਜ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਹੈ।

ਧਰਨੇ ਨੂੰ ਸੰਬੋਧਨ ਕਰਦਿਆਂ ਕਰਮ ਸਿੰਘ, ਭੋਲਾ ਸਿੰਘ, ਮੁਕੇਸ਼ ਕੁਮਾਰ ਅਤੇ ਹੈਪੀ ਕੁਮਾਰ ਨੇ ਦੱਸਿਆ ਕਿ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਤੇ ਗਲੀਆਂ ਵਿੱਚ ਭਰਿਆ ਹੋਇਆ ਹੈ ਅਤੇ ਮਾਮਲੇ ਨੂੰ ਵਾਰ-ਵਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਸਲ ਅਧਿਕਾਰੀਆਂ ਸਮੇਤ ਸਮੁੱਚੇ ਸੀਵਰੇਜ ਵਿਭਾਗ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਮਸਲੇ ਦਾ ਕੋਈ ਹੱਲ ਨਹੀਂ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਾ ਹੀ ਨਗਰ ਕੌਂਸਲ ਦਾ ਕੋਈ ਅਧਿਕਾਰੀ ਅਤੇ ਕਰਮਚਾਰੀ ਉਨ੍ਹਾਂ ਦੀ ਤਕਲੀਫ਼ ਨੂੰ ਸੁਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਵਰੇਜ਼ ਬੋਰਡ ਦੇ ਅਧਿਕਾਰੀ ਇਸ ਮਾਮਲੇ ਨੂੰ ਲੰਬੇ ਸਮੇਂ ਤੋਂ ਅੱਖਾਂ ਮੀਚੀ ਬੈਠੇ ਹਨ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ਼ ਦੇ ਹੱਲ ਲਈ ਜੋ ਭਰੋਸਾ ਦਿੱਤਾ ਗਿਆ ਸੀ, ਉਹ ਭਰੋਸਾ ਵੀ ਹੁਣ ਗੰਦੇ ਪਾਣੀ ਵਿੱਚ ਡੁੱਬ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਸ਼ਹਿਰ ਵਿੱਚ ਸੀਵਰੇਜ਼ ਦੀ ਸਮੱਸਿਆ ਪਹਿਲਾਂ ਨਾਲੋਂ ਵੱਧ ਗਈ ਹੈ। ਧਰਨਾਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਮਸਲੇ ਦਾ ਹੱਲ ਕੱਲ੍ਹ ਤੱਕ ਨਾ ਹੋਇਆ ਤਾਂ 25 ਜੂਨ ਨੂੰ ਮੁੜ ਧਰਨਾ ਦੇਕੇ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਗਟਾਇਆ ਜਾਵੇਗਾ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...