ਮੁੱਖ ਮੰਤਰੀ ਵੱਲੋਂ 1500 ਕਰੋੜ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਵਿਚ 1500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਸ੍ਰੀ ਸੈਣੀ ਨੇ ਸੂਬੇ ਦੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਨ ਲਈ ਪਾਈਪ ਖਰੀਦਣ ਵਾਸਤੇ ਇਕ ਹਜ਼ਾਰ ਕਰੋੜ ਰੁਪਏ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਸਕੂਲਾਂ ਵਿੱਚ ਵਿਗਿਆਨ ਸਿੱਖਿਆ ਨੂੰ ਉਤਸ਼ਾਹਤ ਕਰਨ ਦੇ ਮੱਦੇਨਜ਼ਰ ਸਾਇੰਸ ਸਟ੍ਰੀਮ ਦੇ 729 ਕਲਸਟਰ ਸਕੂਲ ’ਚ 30 ਕਰੋੜ ਦੀ ਲਾਗਤ ਨਾਲ ਬਾਇਓਲੋਜੀ ਅਤੇ ਕੈਮਿਸਟਰੀ ਲੈਬ ਤਿਆਰ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਕਾਲਜਾਂ ’ਚ 24 ਕਰੋੜ ਰੁਪਏ ਦੀ ਲਾਗਤ ਨਾਲ 3836 ਕੰਪਿਊਟਰ ਲਗਾਏ ਜਾਣਗੇ।ਮੁੱਖ ਮੰਤਰੀ ਨੇ ਹਰਿਆਣਾ ਦੇ 468 ਪਿੰਡਾਂ ਵਿੱਚ ਇਨਡੋਰ ਜਿਮ ਸਥਾਪਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ’ਤੇ 50 ਕਰੋੜ ਰੁਪਏ ਦਾ ਖਰਚ ਆਵੇਗਾ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ 290 ਕਰੋੜ ਰੁਪਏ ਦੀ ਲਾਗਤ ਨਾਲ 31 ਟਰਾਂਸਫਾਰਮਰ ਲਗਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਪੁਲੀਸ ਵਿਭਾਗ ਵਿੱਚ 8 ਵਾਟਰ ਕੈਨਨ, 9 ਵਜਰ ਵਾਹਨ, 47 ਟਰੱਕ, 3 ਬੁਲੇਟ ਪਰੂਫ ਵਾਹਨਾਂ ਦੀ ਖਰੀਦ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸ ’ਤੇ 11 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਪੁਲੀਸ ਵਿਭਾਗ ਨੂੰ ਹਾਈਟੈਕ ਕਰਨ ਲਈ 695 ਕੰਪਿਊਟਰ ਅਤੇ 1100 ਈ-ਚਲਾਨ ਮਸ਼ੀਨਾਂ ਖਰੀਦਣ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਸਾਂਝਾ ਕਰੋ