ਟੌਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਜਾਰੀ

ਇੱਥੇ ਲੁਧਿਆਣਾ-ਜਲੰਧਰ ਮੁੱਖ ਮਾਰਗ ’ਤੇ ਸਥਿਤ ਲਾਡੋਵਾਲ ਟੌਲ ਪਲਾਜ਼ਾ ’ਤੇ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਦਾ ਧਰਨਾ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਬਿਨਾਂ ਟੌਲ ਅਦਾ ਕੀਤੇ ਵਾਹਨ ਲੰਘਾਏ ਜਾ ਰਹੇ ਹਨ। ਇਸ ਧਰਨੇ ਵਿੱਚ ਟਰੱਕ ਯੂਨੀਅਨ, ਟੈਂਪੂ ਯੂਨੀਅਨ, ਟੈਕਸੀ ਯੂਨੀਅਨ, ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਅਤੇ ਹੋਰ‌ ਜਥੇਬੰਦੀਆਂ‌ ਵੀ ਸ਼ਾਮਲ ਹੋ ਰਹੀਆਂ ਹਨ। ਅੱਜ ਧਰਨੇ ਦੌਰਾਨ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਟੌਲ ਪਲਾਜ਼ਾ ’ਤੇ ਚੱਲ ਰਿਹਾ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਇਸ ਧਰਨੇ ਕਾਰਨ ਸਰਕਾਰ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਪਰ ਸਰਕਾਰ ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ 30 ਜੂਨ ਦੇ ਇਕੱਠ ਲਈ ਤਿਆਰੀਆਂ ਚੱਲ ਰਹੀਆਂ ਹਨ।

ਸਾਂਝਾ ਕਰੋ