ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਾਂਗੇ

ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਿਹਾ ਕਿ ਕਿਸਾਨਾਂ ਵੱਲੋਂ ਗਠਿਤ ਸਿਆਸੀ ਜਥੇਬੰਦੀ ਅਗਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਨੇ ਹਾਲ ਹੀ ਵਿੱਚ ਸੰਯੁਕਤ ਸੰਘਰਸ਼ ਪਾਰਟੀ ਦਾ ਗਠਨ ਕੀਤਾ ਹੈ। ਉਹ ਅੱਜ ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ। ਉਨ੍ਹਾਂ ਨੇ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਕਿਸਾਨਾਂ ਨੂੰ ਛੱਡ ਚੁੱਕੀਆਂ ਹਨ, ਜਿਸ ਕਾਰਨ ਉਨ੍ਹਾਂ ਨੇ ਚੋਣਾਂ ਲੜਨ ਲਈ ਸਿਆਸੀ ਪਾਰਟੀ ਬਣਾਈ ਹੈ।

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਸਿਰਫ਼ ਵੋਟਾਂ ਹਾਸਲ ਕਰਨ ਵਿੱਚ ਹੀ ਦਿਲਚਸਪੀ ਰੱਖਦੀਆਂ ਹਨ, ਕਿਸਾਨ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਤੋਂ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ। ਉਨ੍ਹਾਂ ਦੀ ਪਾਰਟੀ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੇਗੀ ਅਤੇ ਹਰ ਕਿਸੇ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜਾਂ ਸਮਾਜ ਦਾ ਵਰਗ ਰਾਜਨੀਤੀ ਤੋਂ ਦੂਰ ਨਹੀਂ ਰਹਿ ਸਕਦਾ। ਇਕ ਕਿਸਾਨ ਵਜੋਂ ਉਹ ਜਾਣਦੇ ਹਨ ਕਿ ਕਿਸਾਨ ਨੇ ਖੇਤਾਂ ਵਿੱਚੋਂ ਨੁਕਸਾਨਦੇਹ ਨਦੀਨਾਂ ਨੂੰ ਕਿਵੇਂ ਖਤਮ ਕਰਨਾ ਹੈ।

ਸਾਂਝਾ ਕਰੋ