80ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਲਹਿਰਾਇਆ ਤਿਰੰਗਾ ਝੰਡਾ
– ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਬਾਰੇ ਦਿੱਤੀ ਜਾਣਕਾਰੀ
ਫਰੀਦਕੋਟ, 15 ਅਗਸਤ ( ਗਿਆਨ ਸਿੰਘ) ਅੱਜ ਆਜ਼ਾਦੀ ਦਿਵਸ ਮੌਕੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫ਼ਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਰਾਹੁਲ ਚਾਬਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਸਮੂਹ ਜ਼ਿਲ੍ਹਾ ਅਤੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਨਿੱਘੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਰਿਹਾ।

ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਸਦਕਾ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ। ਇਸ ਉਪਰੰਤ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਦਾ ਹਾਲਚਾਲ ਜਾਣਿਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਫ਼ਰੀਦਕੋਟ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਅਤੇ ਰਿਆਸਤੀ ਸ਼ਹਿਰ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਆਏ ਮਹੀਨੇ ਫੰਡ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਵਿੱਚ ਪੇਂਡੂ ਵਿਕਾਸ ਲਈ 96 ਕਰੋੜ ਰੁਪਏ ਦੇ ਫੰਡ ਦਿੱਤੇ ਗਏ ਹਨ ਇਨ੍ਹਾਂ ਫੰਡਾਂ ਨਾਲ ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਸਾਲਿਡ ਵੇਸਟ ਮੈਨੇਜਮੈਂਟ ਅਤੇ ਪਿੰਡਾਂ ਦੇ ਹੋਰ ਸਾਂਝੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 2025-26 ਦੌਰਾਨ ਜ਼ਿਲ੍ਹਾ ਮਗਨਰੇਗਾ ਵਿੱਚ ਪੂਰੇ ਪੰਜਾਬ ਵਿੱਚੋਂ ਦੂਸਰੇ ਨੰਬਰ ਤੇ ਆਇਆ ਹੈ। ਜ਼ਿਲ੍ਹੇ ਵਿੱਚ ਸੜਕਾਂ ਦਾ ਜਾਲ ਵਧਾਇਆ ਗਿਆ ਹੈ ਅਤੇ ਸਿਹਤ ਸੰਸਥਾਵਾਂ ਦੀਆਂ ਸਹੂਲਤਾਂ ਨੂੰ ਆਧੁਨਿਕ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ 39 ਆਮ ਆਦਮੀ ਪਿੰਡ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 12 ਸਿਹਤ ਵਿਭਾਗ ਨੂੰ ਹੈਂਡਓਵਰ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਬਣਾ ਕੇ ਬੱਚਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਿਆ ਜਾ ਰਿਹਾ ਹੈ। ਕਿਸਾਨਾਂ ਲਈ ਨਵੀਆਂ ਸਿੰਚਾਈ ਯੋਜਨਾਵਾਂ ਅਤੇ ਖੇਤੀਬਾੜੀ ਵਿੱਚ ਨਵੀਂ ਤਕਨਾਲੋਜੀ ਲਿਆਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਫ਼ਰੀਦਕੋਟ ਜਿਲ੍ਹੇ ਵਿੱਚ 76 ਫੀਸਦੀ ਕਮੀ ਆਈ ਹੈ, ਜੋ ਸਾਰੇ ਪੰਜਾਬ ਤੋਂ ਵੱਧ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹੇ ਵਿੱਚ 89 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਨ੍ਹਾਂ ’ਤੇ ਲਗਭਗ 15 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਇਆ ਯੁੱਧ ਨਸ਼ਿਆਂ ਵਿਰੁੱਧ ਪੂਰੀ ਸੰਜੀਦਗੀ ਨਾਲ ਚਲਾਇਆ ਜਾ ਰਿਹਾ ਹੈ। ਇਸ ਲੋਕ ਪੱਖੀ ਮੁਹਿੰਮ ਤਹਿਤ ਨਸ਼ਾ ਤਸਕਰੀ ਰੋਕਣ ਦੇ ਨਾਲ ਨਾਲ ਪੀੜਤ ਵਿਅਕਤੀਆਂ ਦਾ ਮੁਫਤ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਪੀ.ਟੀ ਸੋ਼ਅ, ਰੰਗਾਰੰਗ ਪ੍ਰੋਗਰਾਮ, ਗਿੱਧਾ, ਭੰਗੜਾ ਅਤੇ ਅਨੇਕਾਂ ਹੋਰ ਲੋਕ ਨਾਚ ਪੇਸ਼ ਕੀਤੇ ਗਏ। ਬੱਚਿਆਂ ਨੂੰ ਉਹਨਾਂ ਦੀ ਵਧੀਆ ਕਾਰਗੁਜ਼ਾਰੀ ਅਤੇ ਹੌਂਸਲਾਅਫ਼ਜਾਈ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੇਂਟ ਮੈਰੀ ਕੌਨਵੈਂਟ ਸਕੂਲ, ਦਸ਼ਮੇਸ਼ ਪਬਲਿਕ ਸਕੂਲ, ਮਾਊਂਟ ਲਿਟਰਾ ਜੀ ਸਕੂਲ, ਗੁਰੂ ਤੇਗ ਬਹਾਦਰ ਸਕੂਲ ਮਹਿਮੂਆਣਾ, ਤਾਜ ਪਬਲਿਕ ਸਕੂਲ ਜੰਡ ਸਾਹਿਬ, ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਖਾਲਸਾ ਸੀਨੀਅਰ ਸੈਕੈਂਡਰੀ ਸਕੂਲ, ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ.ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਸ.ਸੰਦੀਪ ਸਿੰਘ ਧਾਲੀਵਾਲ ਸੂਚਨਾ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ, ਐਸ.ਪੀ (ਐਚ) ਮਨਵਿੰਦਰਬੀਰ ਸਿੰਘ, ਐਸ.ਪੀ(ਇੰਨ.)ਜੁਗੇਸ਼ਵਰ ਸਿੰਘ ਗੁਰਾਇਆ,ਐਸ.ਡੀ.ਐਮ ਸ੍ਰੀ ਪੁਨੀਤ ਸ਼ਰਮਾ,ਬਲਜਿੰਦਰ ਸਿੰਘ ਬੱਬੂ ਪ੍ਰਧਾਨ ਨਗਰ ਕੌਂਸਲ, ਬਲਾਕ ਸੰਮਤੀ ਚੇਅਰਮੈਨ ਸਰਬਜੀਤ ਸਿੰਘ, ਸਾਬਕਾ ਐਮ.ਪੀ. ਮੁਹੰਮਦ ਸਦੀਕ, ਰਜਿੰਦਰ ਦਾਸ ਰਿੰਕੂ ਚੇਅਰਮੈਨ ਸਪੋਰਟਸ ਵੈਲਫੇਅਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।
Share this content:
Post Comment