ਹਰਿਆਣਾ ਦੇ ਮੁੱਖ ਮੰਤਰੀ ਸੈਣੀ ਵੱਲੋਂ ਲਾਡਵਾ ਵਿਧਾਨ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ

ਚੰਡੀਗੜ੍ਹ, 10 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਤੋਂ ਮੰਗਲਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪਤਨੀ ਸੁਮਨ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਵੀਨ ਜਿੰਦਲ ਮੌਜੂਦ ਸਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਸੈਣੀ ਨੇ ਲਾਡਵਾ ਵਿਧਾਨ ਸਭਾ ਖੇਤਰ ’ਚ ਰੋਡ ਸ਼ੋਅ ਕੀਤਾ ਅਤੇ ਖੁਦ ਟਰੈਕਟਰ ਵੀ ਚਲਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੱਟਰ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਤੀਜੀ ਵਾਰ ਸਰਕਾਰ ਬਣਾਏਗੀ। ਸੈਣੀ ਨੇ ਕਿਹਾ ਕਿ ਪਾਰਟੀ ਪਹਿਲਾਂ ਹੀ 67 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਬਾਕੀ 23 ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਹਾਰ ਵੱਲ ਵਧ ਰਹੀ ਹੈ। ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸੂਬੇ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਫੈਸਲੇ ਲਏ ਹਨ।

ਸਾਂਝਾ ਕਰੋ

ਪੜ੍ਹੋ