ਏਡੀਸੀ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਨੋਡਲ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 26 ਅਕਤੂਬਰ – ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਾਏ ਨੋਡਲ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਵਿੱਚ ਲਗਾਏ ਵਿਲੇਜ਼ ਲੈਵਲ ਅਫ਼ਸਰ, ਨੋਡਲ ਅਫ਼ਸਰ ਤੇ ਕਲੱਸਟਰ ਅਫ਼ਸਰ ਇਹ ਯਕੀਨੀ ਬਣਾਉਣ ਕਿ ਹਰੇਕ ਪਿੰਡ ਵਿੱਚ ਅਧਿਕਾਰੀ ਮੌਜੂਦ ਰਹੇ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲਬੱਧ ਕਰਵਾਉਣ ‘ਚ ਸਹਿਯੋਗ ਕਰਨ ਸਮੇਤ ਅੱਗ ਲੱਗਣ ਦੀ ਕਿਸੇ ਵੀ ਤਰ੍ਹਾਂ ਦੀ ਘਟਨਾ ਸਬੰਧੀ ਤੁਰੰਤ ਰਿਪੋਰਟ ਕੀਤੀ ਜਾਵੇ।

ਏਡੀਸੀ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬਣਾਏ ਗਏ ਮਾਈਕਰੋ ਪਲਾਨ ਅਨੁਸਾਰ ਹਰੇਕ ਕਿਸਾਨ ਤੱਕ ਪਹੁੰਚ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ, ਵਾਤਾਵਰਣ, ਸਿਹਤ, ਪੰਛੀਆਂ ਤੇ ਜੀਵਾਂ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਲਸਟਰ ਅਫ਼ਸਰ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨਾਲ ਰਾਬਤਾ ਬਣਾ ਕੇ ਰੱਖਣ ਅਤੇ ਕਿਸਾਨਾਂ ਨੂੰ ਇਨ ਸੀਟੂ ਅਤੇ ਐਕਸ ਸੀਟੂ ਰਾਹੀਂ ਪਰਾਲੀ ਪ੍ਰਬੰਧਨ ਲਈ ਜਿਹੜੀ ਮਸ਼ੀਨਰੀ ਦੀ ਜ਼ਰੂਰਤ ਹੈ, ਉਹ ਵੀ ਸਬੰਧਤ ਵਿਭਾਗ ਨਾਲ ਸੰਪਰਕ ਕਰਕੇ ਉਪਲਬੱਧ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਹੁਣ ਵਾਢੀ ਦਾ ਕੰਮ ਪੂਰੇ ਜ਼ੋਰ ਨਾਲ ਚੱਲ ਰਿਹਾ ਹੈ ਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਵੱਲੋਂ ਖੇਤ ਤਿਆਰ ਕੀਤੇ ਜਾਣੇ ਹਨ, ਇਸ ਲਈ ਕਿਸਾਨਾਂ ਨਾਲ ਸੰਪਰਕ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਸਬੰਧੀ ਵੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਜਾਣਕਾਰੀ ਦੇਣ ਸਮੇਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਪਟਿਆਲਾ ਜ਼ਿਲ੍ਹੇ ‘ਚ ਲਗਾਏ ਨੋਡਲ ਅਫ਼ਸਰ ਮੌਜੂਦ ਸਨ।

ਸਾਂਝਾ ਕਰੋ

ਪੜ੍ਹੋ