ਮਾਲਵਿੰਦਰ ਮਾਲੀ ਦੀ ਨਿਆਂਇਕ ਹਿਰਾਸਤ ਵਧਾਈ

ਐੱਸਏਐੱਸ ਨਗਰ (ਮੁਹਾਲੀ), 28 ਅਕਤੂਬਰ – ਮੁਹਾਲੀ ਅਦਾਲਤ ਨੇ ਉੱਘੇ ਸਮਾਜਿਕ ਚਿੰਤਕ ਤੇ ਰਾਜਸੀ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ। ਜੇਲ੍ਹ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਮਾਲੀ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਮਾਲੀ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਖ਼ਿਲਾਫ਼ ਮੁਹਾਲੀ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਮਨੁੱਖੀ ਅਧਿਕਾਰ ਸੰਗਠਨਾਂ, ਬੁੱਧੀਜੀਵੀਆਂ, ਵਕੀਲਾਂ ਅਤੇ ਇਨਸਾਫ਼ ਤੇ ਜਮਹੂਰੀਅਤ ਪਸੰਦ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੱਜ ਮੁਹਾਲੀ ਵਿੱਚ ਡੀਸੀ ਦਫ਼ਤਰ ਅੱਗੇ ਆਪਣੇ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਜੀਟੀਯੂ ਦੇ ਸਾਬਕਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਮਾਵੀ, ਹਰਮਿੰਦਰ ਸਿੰਘ ਮਾਵੀ, ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਸੁਰਜੀਤ ਸਿੰਘ ਮੁਹਾਲੀ, ਬਲਵਿੰਦਰ ਸਿੰਘ ਕੁੰਭੜਾ, ਦਲਵਿੰਦਰ ਸਿੰਘ ਬੈਨੀਪਾਲ, ਨਾਨਕ ਸਿੰਘ ਮਾਹਲ, ਭੁਪਿੰਦਰ ਸਿੰਘ ਬੱਲ, ਲਾਭ ਸਿੰਘ ਬਰਾੜ, ਸਾਗਰ ਸਿੰਘ, ਪ੍ਰੇਮ ਸਿੰਘ, ਗੁਰਮੇਲ ਸਿੰਘ, ਗੁਰਦੀਪ ਸਿੰਘ ਗਾਂਧੀ, ਮੇਜਰ ਸਿੰਘ, ਗੁਰਪ੍ਰੀਤ ਸਿੰਘ ਨੇ ਮਾਲਵਿੰਦਰ ਮਾਲੀ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਨਿਖੇਧੀ ਕਰਦਿਆਂ ਪਰਚਾ ਰੱਦ ਕਰਵਾਉਣ ਲਈ ਕਾਨੂੰਨੀ ਚਾਰਾਜ਼ੋਈ ਦੇ ਨਾਲ-ਨਾਲ ਸਮਾਜਿਕ ਲੜਾਈ ਵੀ ਜਾਰੀ ਰੱਖਣ ਦਾ ਐਲਾਨ ਕੀਤਾ। ਆਗੂਆਂ ਨੇ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਆਪਣੇ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਡੀਸੀ ਅਤੇ ਐੱਸਐੱਸਪੀ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲੀ ਨੂੰ ਗ੍ਰਿਫ਼ਤਾਰ ਕਰਨ ਦਾ ਮੰਤਵ ਨਾਗਰਿਕਾਂ ਨੂੰ ਆਪਣੀ ਗੱਲ ਬੇਬਾਕ ਤਰੀਕੇ ਨਾਲ ਕਹਿਣ ਦੀ ਮਿਲੀ ਆਜ਼ਾਦੀ ’ਤੇ ਪਾਬੰਦੀ ਲਗਾਉਣਾ ਹੈ।

ਸਾਂਝਾ ਕਰੋ

ਪੜ੍ਹੋ