ਫਰੀਦਕੋਟ, 30 ਅਕਤੂਬਰ – ਮੁਲਾਜ਼ਮਾਂ ਤੇ ਪੈਨਸ਼ਨਰਾਂ ਸਥਾਨਕ ਬੱਸ ਅੱਡੇ ਸਾਹਮਣੇ ਕੁਝ ਸਮੇਂ ਲਈ ਟਰੈਫਿਕ ਜਾਮ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਆਪਣੀਆਂ ਮੰਗਾਂ ਲਾਗੂ ਕਰਨ ਦੀ ਮੰਗੀ ਕੀਤੀ। ਮੁਲਾਜ਼ਮ ਅਤੇ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਵੀਰਇੰਦਰਜੀਤ ਸਿੰਘ ਪੁਰੀ ਨੇ ਕਿਹਾ ਕਿ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਖਿਲਾਫ਼ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਆਗੂ ਜਸਮੇਲ ਸਿੰਘ ਜੱਸੀ, ਬਲਵਿੰਦਰ ਸਿੰਘ ਬਰਾੜ, ਕੁਲਵੰਤ ਸਿੰਘ ਚਾਨੀ, ਬਲਕਾਰ ਸਿੰਘ ਸਹੋਤਾ, ਸਿੰਬਲਜੀਤ ਕੌਰ, ਚਰਨਜੀਤ ਕੌਰ, ਹਰਪਾਲ ਸਿੰਘ ਮਚਾਕੀ ਅਤੇ ਰਮੇਸ਼ ਕੌਸ਼ਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਾਰ ਵਾਰ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ ਜਿਸ ਕਰਕੇ ਮੁਲਾਜ਼ਮ ਤੇ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ ਹੈ। ਆਗੂਆਂ ਨੇ ਐਲਾਨ ਕੀਤਾ ਕਿ 7 ਨਵੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਆਪਣੇ ਆਪਣੇ ਸਾਧਨਾਂ ਰਾਹੀਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿੱਚ ਝੰਡਾ ਮਾਰਚ ਕਰਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾ ਕੇ ਨੰਗਾ ਕਰਨਗੇ।