ਦੀਵਾਲੀ ਮੌਕੇ ਤੇ ਵੀ ਕਿਸਾਨ ਮੰਡੀਆਂ ਵਿੱਚ ਬੈਠਣ ਲਈ ਮਜਬੂਰ

ਚੰਡੀਗੜ੍ਹ, 31 ਅਕਤੂਬਰ  – ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਸੁਸਤ ਖਰੀਦ ਤੇ ਲਿਫਟਿੰਗ ਕਰਕੇ ਅੰਨਦਾਤੇ ਦੀਵਾਲੀ ਮੌਕੇ ਵੀ ਮੰਡੀਆਂ ’ਚ ਬੈਠਣ ਲਈ ਮਜਬੂਰ ਹਨ। ਸੂਬਾ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ 180 ਤੋਂ 185 ਲੱਖ ਮੀਟਰਿਕ ਟਨ (ਐੱਮਟੀ) ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਪਰ ਹਾਲੇ ਤੱਕ ਮੰਡੀਆਂ ਵਿੱਚ ਸਿਰਫ਼ 78 ਲੱਖ ਐੱਮਟੀ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 73.27 ਲੱਖ ਐੱਮਟੀ ਝੋਨੇ ਦੀ ਹੀ ਖਰੀਦ ਹੋ ਸਕੀ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਅੱਜ 6.22 ਲੱਖ ਐੱਮਟੀ ਝੋਨਾ ਪਹੁੰਚਿਆ, ਜਦਕਿ ਖਰੀਦ 6.27 ਲੱਖ ਐੱਮਟੀ ਝੋਨੇ ਦੀ ਕੀਤੀ ਗਈ ਹੈ। ਇਸੇ ਤਰ੍ਹਾਂ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 37.55 ਲੱਖ ਐੱਮਟੀ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਅੱਜ 4.93 ਲੱਖ ਐੱਮਟੀ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ। ਕਿਸਾਨ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦੀ ਅਣਗਹਿਲੀ ਦਾ ਸ਼ਿਕਾਰ ਪੰਜਾਬ ਦੇ ਕਿਸਾਨ ਨੂੰ ਹੋਣਾ ਪੈ ਰਿਹਾ ਹੈ। ਇਨ੍ਹਾਂ ਦੋਵਾਂ ਸਰਕਾਰਾਂ ਦੀ ਅਣਦੇਖੀ ਕਰਕੇ ਕਿਸਾਨਾਂ ਨੂੰ ਦੀਵਾਲੀ ਵੀ ਪੰਜਾਬ ਦੀਆਂ ਮੰਡੀਆਂ ਵਿੱਚ ਗੁਜ਼ਾਰਨੀ ਪਵੇਗੀ। ਉਨ੍ਹਾਂ ਮੰਗ ਕੀਤੀ ਕਿ ਸੂਬਾ ਤੇ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਦੀ ਫਸਲ ਖਰੀਦੇ।

ਪੰਜਾਬ ਸਰਕਾਰ ਨੇ ਡੀਏਪੀ ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਖਰੀਦ ਦਾ ਦਬਾਅ ਬਨਾਉਣ ਵਾਲੇ ਡੀਲਰਾਂ ਖ਼ਿਲਾਫ਼ ਸ਼ਿਕਾਇਤ ਦੇਣ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 ’ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 ’ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਅਜਿਹੇ ਡੀਲਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਸਣੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰਨਾਂ ਮੰਗਾਂ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵਿਰੁੱਧ ਸੂਬੇ ’ਚ 51 ਥਾਵਾਂ ’ਤੇ ਸ਼ੁਰੂ ਕੀਤੇ ਪੱਕੇ ਮੋਰਚੇ ਅੱਜ ਵੀ ਜਾਰੀ ਰਹੇ। ਇਨ੍ਹਾਂ ਰੋਸ ਮੁਜ਼ਾਹਰਿਆਂ ਵਿੱਚ ਤਿਉਹਾਰਾਂ ਦੇ ਬਾਵਜੂਦ ਵੱਡੀ ਗਿਣਤੀ ’ਚ ਔਰਤਾਂ ਤੇ ਨੌਜਵਾਨਾਂ ਸਣੇ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੁਸ਼ੀਆਂ ਦਾ ਤਿਉਹਾਰ ਦੀਵਾਲੀ ਵੀ ਮੋਰਚਿਆਂ ’ਤੇ ਹੀ ਮਨਾਇਆ ਜਾਵੇਗਾ। ਕਿਸਾਨਾਂ ਵੱਲੋਂ ਮੋਰਚਿਆਂ ’ਤੇ ਦੁੱਖ ਦੇ ਦੀਵੇ ਬਾਲ ਕੇ ਸਰਕਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਜਥੇਬੰਦੀ ਨੂੰ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਦੀ ਮੰਗ ਨੂੰ ਲੈ ਕੇ 13-14 ਦਿਨਾਂ ਤੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਪੰਜਾਬ ਵਿੱਚੋਂ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਸੁਸਤ ਰਫ਼ਤਾਰ ਨਾਲ ਚੱਲ ਰਿਹਾ ਹੈ। ਕੇਂਦਰ ਤੇ ਸੂਬਾ ਸਰਕਾਰ ਦੇ ਆਗੂ ਇਕ-ਦੂਜੇ ’ਤੇ ਦੂਸ਼ਣਬਾਜ਼ੀ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ। ਕਿਸਾਨ ਆਗੂਆਂ ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਖੇਤੀ ਖੇਤਰ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਨ ਲੱਗੀਆਂ ਹੋਈਆਂ ਹਨ। ਇਸੇ ਲਈ ਦੋਵੇਂ ਸਰਕਾਰਾਂ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹ ਕੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟਾਂ ਹਵਾਲੇ ਕਰਨ ਦੇ ਰਾਹ ਪਈਆਂ ਹੋਈਆਂ ਹਨ, ਪਰ ਕਿਸਾਨ ਜਥੇਬੰਦੀਆਂ ਅਜਿਹੀ ਨਹੀਂ ਹੋਣ ਦੇਣਗੀਆਂ। ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਧਰਨਿਆਂ ਨੂੰ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੇ ਹੋਰਨਾਂ ਨੇ ਸੰਬੋਧਨ ਕੀਤਾ।

ਸਾਂਝਾ ਕਰੋ