ਗੈਸਟ ਪ੍ਰੋਫੈਸਰਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਮਾਨਸਾ, 31 ਅਕਤੂਬਰ – ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਇਸ ਵਾਰ ਰੌਸ਼ਨੀਆਂ ਦੇ ਤਿਉਹਾਰ ਮੌਕੇ ਕਾਲੀ ਦਿਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਜਿਨ੍ਹਾਂ ਮਨਜ਼ੂਰਸ਼ੁਦਾ ਅਸਾਮੀਆਂ ’ਤੇ ਉਹ ਕਾਲਜਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਨੂੰ ਉਚੇਰੀ ਸਿੱਖਿਆ ਵਿਭਾਗ ਵੱਲੋਂ ਖਾਲੀ ਦਰਸਾਇਆ ਗਿਆ ਹੈ, ਜਿਸ ਕਾਰਨ ਗੈਸਟ ਪ੍ਰੋਫੈਸਰਾਂ ’ਚ ਭਾਰੀ ਰੋਸ ਹੈ ਤੇ ਉਹ ਆਪਣੀ ਨੌਕਰੀ ਨੂੰ ਖਤਰੇ ਵਿੱਚ ਜਾ ਰਹੀ ਮਹਿਸੂਸ ਕਰ ਰਹੇ ਹਨ। ਸਹਾਇਕ ਪ੍ਰੋਫੈਸਰ ਗੈਸਟ ਫੈਕਲਟੀ ਸੰਯੁਕਤ ਫਰੰਟ ਦੇ ਆਗੂ ਡਾ. ਰਾਵਿੰਦਰ ਸਿੰਘ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਕਾਲਜਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਇਆ ਹੈ, ਪਰ ਅੱਜ ਉਨਾਂ ਦਾ ਭਵਿੱਖ ਹਨੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਉਨ੍ਹਾਂ ਦੀਆਂ ਕਈ ਇਕੱਤਰਤਾਵਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਲਿਖਤੀ ਪੱਤਰ ਜਾਰੀ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਹਰਾ ਪੈੱਨ ਚਲਾਕੇ ਵਧੀਆ ਨੀਤੀ ਬਣਾਕੇ ਉਨਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰੇ।

ਜ਼ੀਰਾ (ਪੱਤਰ ਪ੍ਰੇਰਕ): ਇਸੇ ਤਰ੍ਹਾਂ ਸਰਕਾਰੀ ਕਾਲਜ ਜ਼ੀਰਾ ’ਚ ਰੋਸ ਪ੍ਰਦਰਸ਼ਨ ਕਰ ਰਹੇ ਗੈਸਟ ਪ੍ਰੋਫੈਸਰਾਂ ਦੀ ਅਗਵਾਈ ਕਰਦਿਆਂ ਪ੍ਰੋਫੈਸਰ ਪੂਜਾ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਅਤੇ ਅਫਸਰਾਂ ਨਾਲ਼ ਮੀਟਿੰਗਾਂ ਅਸਫਲ ਰਹਿਣ ਕਾਰਨ ਅਤੇ ਕੋਈ ਪੁਖਤਾ ਚਿੱਠੀ ਜਾਰੀ ਨਾ ਕੀਤੇ ਜਾਣ ਤੋਂ ਨਿਰਾਸ਼ ਗੈਸਟ ਪ੍ਰੋਫੈਸਰ ਮੁੱਖ ਮੰਤਰੀ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਦੀ ਨੌਕਰੀ ਨੂੰ ਨਿਯਮਤ ਕਰਨ ਲਈ ਜਲਦ ਕੋਈ ਨੀਤੀ ਬਣਾਈ ਜਾਵੇ ,ਜਿਸ ਨਾਲ਼ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਉਨ੍ਹਾਂ ਐਲਾਨ ਕੀਤਾ ਕਿ ਜੇ ਸਰਕਾਰ ਨੇ ਜਲਦ ਕੋਈ ਨੀਤੀ ਉਨ੍ਹਾਂ ਦੇ ਪੱਖ ਵਿੱਚ ਨਾ ਬਣਾਈ ਤਾਂ ਉਹ ਵੱਡੇ ਸੰਘਰਸ਼ ਲਈ ਮਜਬੂਰ ਹੋਣਗੇ।

ਸਾਂਝਾ ਕਰੋ