ਬਠਿੰਡਾ ’ਚ ਡੀਸੀ ਦਫ਼ਤਰ ਅੱਗਿਓਂ ਕਿਸਾਨਾਂ ਦਾ ਮੋਰਚਾ ਹੋਇਆ ਸਮਾਪਤ

ਬਠਿੰਡਾ, 8 ਨਵੰਬਰ – ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀਆਂ ਦਾ ਦੌਰਾ ਸ਼ੁਰੂ ਕਰਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਇਥੇ ਪਿਛਲੇ 3 ਦਿਨਾਂ ਤੋਂ ਡੀਸੀ ਦਫ਼ਤਰ ਅੱਗੇ ਲਾਇਆ ਧਰਨਾ ਅੱਜ ਸਮਾਪਤ ਕਰ ਦਿੱਤਾ ਹਾਲਾਂਕਿ ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ ਰਹਿਣਗੇ। ਗੌਰਤਲਬ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ ਬੀਤੇ 5 ਨਵੰਬਰ ਤੋਂ ਉਗਰਾਹਾਂ ਜਥੇਬੰਦੀ ਦੇ ਵਰਕਰ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਅੱਗੇ ਡਟੇ ਹੋਏ ਸਨ। ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਮਹਿਲਾ ਹਰਿੰਦਰ ਬਿੰਦੂ ਨੇ ਕਿਹਾ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਬਿਆਨ ਜਾਰੀ ਕਰਕੇ ਅਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਦੌਰਾਨ ਕਿਹਾ ਜਾ ਰਿਹਾ ਹੈ ਕਿ ਝੋਨੇ ਦੀ ਤਾਂ ਕੋਈ ਸਮੱਸਿਆ ਨਹੀਂ ਪਰ ਕੱਲ੍ਹ ਜਦੋਂ ਉਹ ਦਾਣਾ ਮੰਡੀਆਂ ਦੇ ਕਿਸਾਨਾਂ ਤੋਂ ਸਮੱਸਿਆ ਸੁਣਨ ਲਈ ਪਹੁੰਚੇ ਤਾਂ ਉਨ੍ਹਾਂ ਖੁਦ ਮੰਨਿਆ ਕਿ ਝੋਨੇ ਦੀ ਲਿਫਟਿੰਗ ਜਾਂ ਖਰੀਦ ਦੀ ਸਮੱਸਿਆ ਹੈ।

ਉਨ੍ਹਾਂ ਇਹ ਵੀ ਮੰਨਿਆ ਕਿ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੁੰਦੀ ਹੈ। ਅੱਜ ਕਿਸਾਨਾਂ ਦੁਆਰਾ ਮੰਡੀਆਂ ਦੀ ਕੀਤੀ ਰਿਪੋਰਟ ਤੋਂ ਬਾਅਦ ਬਹੁਤ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਮਾਮਲਾ ਅੜਿਆ ਹੋਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਕਿਸਾਨਾਂ ਨੂੰ ਡੀਏਪੀ ਨਹੀਂ ਮਿਲ ਰਹੀ ਪਰ ਦੂਜੇ ਪਾਸੇ ਜੋ ਡੀਏਪੀ ਖਾਦ ਸੁਸਾਇਟੀਆਂ ’ਚ ਪਈ ਹੈ ਉਹ ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਤੋਂ ਸੁਸਾਇਟੀਆਂ ਦੇ ਪੈਸੇ ਨਹੀਂ ਭਰੇ ਗਏ ਜਿਸ ਕਾਰਨ ਉਨ੍ਹਾਂ ਨੂੰ ਸੁਸਾਇਟੀਆਂ ’ਚ ਪਈ ਖਾਦ ਵੀ ਨਹੀਂ ਮਿਲ ਰਹੀ। ਆਗੂਆਂ ਨੇ ਆਰਥਿਕ ਤੰਗੀ ਅਤੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਸਰਕਾਰ ਵੱਲੋਂ ਪਰਾਲੀ ਦੇ ਜੁਰਮਾਨੇ ਦੁੱਗਣੇ ਕਰਨ ਤੇ ਸਖ਼ਤ ਕਰਨ ਦੀ ਬਜਾਏ ਸਰਕਾਰ ਝੋਨੇ ਦੀ ਪਰਾਲੀ ਲਈ ਪੁਖਤਾ ਪ੍ਰਬੰਧ ਕਰੇ। ਦੂਜੇ ਪਾਸੇ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਵੱਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ ਗਈ।

ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਡੀਸੀ

ਬਠਿੰਡਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐੱਸਐੱਸਪੀ ਅਮਨੀਤ ਕੌਂਡਲ ਨੇ ਜ਼ਿਲ੍ਹੇ ਦੇ ਪਿੰਡ ਬਹਿਮਣ ਦੀਵਾਨਾ ਅਤੇ ਬੁਲਾਢੇਵਾਲਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ‘ਚ 75 ਫੀਸਦੀ ਕਟੌਤੀ ਹੋਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਕਿਸਾਨ ਬੇਲਰ ਦੀ ਬਜਾਏ ਹੋਰ ਬਦਲਵੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ।

ਸਾਂਝਾ ਕਰੋ

ਪੜ੍ਹੋ

ਦਲਬੀਰ ਗੋਲਡੀ ਨੂੰ ਲੈ ਕੇ ਕਾਂਗਰਸ ’ਚ

ਚੰਡੀਗੜ੍ਹ, 13 ਨਵੰਬਰ – ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ...