ਸ੍ਰੀ ਮੁਕਤਸਰ ਸਾਹਿਬ, 8 ਨਵੰਬਰ – ਪੰਜਾਬ ਸਟੂਡੈਂਟਸ ਯੂਨੀਅਨ ਦੀ ਅੱਜ ਮਾਲਵਾ ਪੱਛਮੀ ਜ਼ੋਨ ਕਮੇਟੀ ਵੱਲੋਂ ਸਿੱਖਿਆ ਦੇ ਵਿਸ਼ੇ ਨੂੰ ਰਾਜ ਸੂਚੀ ’ਚ ਸ਼ਾਮਲ ਕਰਵਾਉਣ ਅਤੇ ਪੰਜਾਬ ਵਾਸੀਆਂ ਲਈ ਨੌਕਰੀਆਂ ਵਿਚ 90 ਫ਼ੀਸਦੀ ਰਾਖਵਾਂਕਰਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਕੁਰੜ, ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਮਾਲਵਾ ਜ਼ੋਨ ਦੇ ਪ੍ਰਧਾਨ ਧੀਰਜ ਫਾਜ਼ਿਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਸਿੱਖਿਆ ਕ੍ਰਾਂਤੀ ਲਿਆਉਣ ਦੇ ਵਾਅਦੇ ਕੀਤੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਪੰਜਾਬ ਦੀਆਂ ਨੌਕਰੀਆਂ ’ਚ ਪਹਿਲ ਦਿੱਤੇ ਜਾਣ ਦੀ ਗਾਰੰਟੀ ਦੀ ਮੰਗ ਕਰਦੇ ਰਹੇ ਹਨ ਪਰ ਆਮ ਆਦਮੀ ਪਾਰਟੀ ਦਾ ਇੱਕ ਵੀ ਐਲਾਨ ਪੂਰਾ ਨਹੀਂ ਹੋਇਆ।
ਕੇਂਦਰ ਦੀਆਂ ਨੀਤੀਆਂ ਨੂੰ ਪੰਜਾਬ ਉੱਪਰ ਥੋਪਿਆ ਜਾ ਰਿਹਾ ਹੈ। ਪੰਜਾਬ ’ਚ ਮੋਦੀ ਸਰਕਾਰ ਵੱਲੋਂ ਲਿਆਂਦੀ ਸਿੱਖਿਆ ਨੀਤੀ 2020 ਲਾਗੂ ਕਰ ਦਿੱਤੀ ਗਈ ਹੈ। ਨਵੀਂ ਸਿੱਖਿਆ ਨੀਤੀ 2020 ਦੇ ਮਾੜੇ ਪ੍ਰਭਾਵ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਹ ਨੀਤੀ ਉੱਚ ਸਿੱਖਿਆ ਦੀ ਹਾਲਤ ਹੋਰ ਮਾੜੀ ਕਰੇਗੀ। ਪੀਐੱਸਯੂ ਦੇ ਜ਼ੋਨਲ ਆਗੂ ਸੁਖਪ੍ਰੀਤ ਮੁਕਤਸਰ, ਕਮਲਜੀਤ ਮੁਹਾਰ ਖੀਵਾ ਅਤੇ ਨੌਨਿਹਾਲ ਥਾਂਦੇਵਾਲਾ ਨੇ ਦੱਸਿਆ ਕਿ ਪੰਜਾਬ ’ਚ ਹਰਿਆਣਾ, ਕਰਨਾਟਕ ਵਾਂਗ ਹੀ ਇੱਥੋਂ ਦੇ ਵਾਸੀਆਂ ਲਈ ਨੌਕਰੀਆਂ ’ਚ ਰਾਖਵਾਂਕਰਨ ਹੋਣਾ ਚਾਹੀਦਾ ਹੈ। ਪੰਜਾਬ ਸਰਕਾਰ ਨੂੰ ਪੰਜਾਬ ਵਾਸੀਆਂ ਲਈ ਨੌਕਰੀਆਂ ’ਚ 90 ਫੀਸਦੀ ਰਾਖਵਾਂਕਰਨ ਲਈ ਕਾਨੂੰਨ ਬਣਾਉਣਾ ਚਾਹੀਦਾ ਹੈ।