ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 3 ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ

ਅੰਮ੍ਰਿਤਸਰ, 11 ਨਵੰਬਰ – ਪਾਕਿਸਤਾਨੀ ਹਾਈ ਕਮਿਸ਼ਨ ਨੇ ਅੱਜ ਖੁਲਾਸਾ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਲਈ ਲਗਪਗ 3000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਹ ਖੁਲਾਸਾ ਦਿੱਲੀ ਸਥਿਤ ਪਾਕਿਸਤਾਨੀ ਹਾਈ ਕਮਿਸ਼ਨ ਦਫਤਰ ਵੱਲੋਂ ਅੱਜ ਸੋਸ਼ਲ ਮੀਡੀਆ ਮੰਚ ਰਾਹੀਂ ਕੀਤਾ ਗਿਆ ਹੈ। ਐਕਸ ’ਤੇ ਇਸ ਸਬੰਧੀ ਆਪਣੇ ਦਫਤਰੀ ਸਾਈਟ ਤੋਂ ਇਹ ਜਾਣਕਾਰੀ ਦਿੰਦਿਆਂ ਪਾਕਿਸਤਾਨ ਹਾਈ ਕਮਿਸ਼ਨ ਨੇ ਦੱਸਿਆ ਕਿ ਇਸ ਵਾਰ ਭਾਰਤ ਵਿੱਚੋਂ 3 ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਹ ਯਾਤਰੂ 14 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਪਾਕਿਸਤਾਨ ਰਵਾਨਾ ਹੋਣਗੇ ਅਤੇ 23 ਨਵੰਬਰ ਨੂੰ ਵਾਪਸ ਭਾਰਤ ਆਉਣਗੇ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਾਅਵਾ ਕੀਤਾ ਸੀ ਕਿ ਉਸ ਦੇ 1481 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ ਹਨ।

ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁਲ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਵੀਜ਼ੇ ਲੱਗਣ ਵਾਸਤੇ ਭੇਜੇ ਸਨ ਜਿਨ੍ਹਾਂ ਵਿੱਚੋਂ 1481 ਸ਼ਰਧਾਲੂਆਂ ਨੂੰ ਵੀਜ਼ੇ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ ਅਤੇ ਸਿਰਫ 763 ਸ਼ਰਧਾਲੂਆਂ ਨੂੰ ਹੀ ਵੀਜ਼ੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹਮੇਸ਼ਾ ਹੀ ਸ਼੍ਰੋਮਣੀ ਕਮੇਟੀ ਦੇ ਜੱਥੇ ਨੂੰ ਕੋਟੇ ਅਨੁਸਾਰ ਵੀਜ਼ੇ ਮਿਲਦੇ ਸਨ ਪਰ ਹੁਣ ਦੁੱਖ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਕਮੇਟੀ ਦੇ ਜੱਥੇ ਦੇ ਸ਼ਰਧਾਲੂਆਂ ਦੇ ਵੀਜ਼ੇ ਕੱਟ ਦਿੱਤੇ ਗਏ ਹਨ ਅਤੇ ਇਸ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ।

ਸਾਂਝਾ ਕਰੋ

ਪੜ੍ਹੋ