ਤਪਾ ਮੰਡੀ, 12 ਨਵੰਬਰ – ਇੱਥੇ ਅਨਾਜ ਮੰਡੀਆਂ ’ਚ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਤਪਾ-ਭਦੌੜ ਸੜਕ ’ਤੇ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਜ਼ਿਆਦਾ ਨਮੀ ਦਾ ਬਹਾਨਾ ਲਗਾ ਕੇ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂ ਰੂਪ ਸਿੰਘ ਢਿੱਲਵਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਯੂਨੀਅਨ ਅਣਮਿੱਥੇ ਸਮੇਂ ਲਈ ਜਾਮ ਲਗਾ ਦੇਵੇਗੀ।
ਉਨ੍ਹਾਂ ਕਿਹਾ ਕਿ ਧੁੰਦ ਕਾਰਨ ਝੋਨੇ ਵਿੱਚ ਨਮੀ ਮਾਤਰਾ ਵਧ ਰਹੀ ਹੈ। ਇਸ ਲਈ ਨਮੀ ਵਾਲੇ ਮਾਪਦੰਡਾਂ ਵਿੱਚ ਰਾਹਤ ਦਿੱਤੀ ਜਾਵੇ ਅਤੇ ਝੋਨੇ ਦੀ ਜਲਦ ਬੋਲੀ ਲਾ ਕੇ ਚੁਕਾਈ ਕਰਵਾਈ ਜਾਵੇ। ਕਿਸਾਨਾਂ ਨੇ ਇਹ ਵੀ ਦੋਸ਼ ਲਾਇਆ ਕਿ ਸ਼ੈਲਰ ਮਾਲਕਾਂ ਵੱਲੋਂ ਆਰਓ ਕਟਵਾ ਕੇ ਅੰਮ੍ਰਿਤਸਰ, ਜਲੰਧਰ ਅਤੇ ਫਿਰੋਜ਼ਪੁਰ ਆਦਿ ਸ਼ਹਿਰਾਂ ਤੋਂ ਤਪਾ ਇਲਾਕੇ ’ਚ ਝੋਨਾ ਆ ਰਿਹਾ ਹੈ। ਇਸ ਦੌਰਾਨ ਕਿਸਾਨੇ ਬਾਹਰੋਂ ਆਏ ਝੋਨੇ ਦੇ ਦੋ ਟਰੱਕ ਫੜੇ। ਕਿਸਾਨਾਂ ਆਗੂਆਂ ਨੇ ਮੰਗ ਕੀਤੀ ਕਿ ਪਹਿਲਾਂ ਮੰਡੀਆਂ ਵਿੱਚ ਪਿਆ ਝੋਨਾ ਖਰੀਦਿਆ ਜਾਵੇ ਫਿਰ ਬਾਹਰੋਂ ਝੋਨਾ ਆਉਣ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ।