ਹਰਿਆਣਾ, 14 ਨਵੰਬਰ – ਹਰਿਆਣਾ ਨੂੰ ਚੰਡੀਗੜ੍ਹ ‘ਚ ਵਿਧਾਨ ਸਭਾ ਲਈ ਜ਼ਮੀਨ ਦੇਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਨ੍ਹਾਂ ਲਈ ਜ਼ਮੀਨ ਦਾ ਟੁਕੜਾ ਨਹੀਂ ਹੈ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਿਛਲੇ ਸਮੇਂ ਵਿੱਚ ਪੰਜਾਬ ਦੇ ਜ਼ਖ਼ਮਾਂ ਨੂੰ ਭਰਨ ਲਈ ਕਈ ਉਪਰਾਲੇ ਕੀਤੇ ਹਨ। ਪਰ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਲਈ ਹਰਿਆਣਾ ਨੂੰ ਵੱਖਰੀ ਥਾਂ ਅਲਾਟ ਕਰਨ ਨਾਲ ਲੋਕਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਆਪਣੀ ਰਾਏ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਨੂੰ ਵੀ ਘੇਰਿਆ ਹੈ।
ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਖੜ ਨੇ ਲਿਖਿਆ ਹੈ ਕਿ ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ ਚੰਡੀਗੜ੍ਹ ਨਾ ਸਿਰਫ ਜ਼ਮੀਨੀ ਖੇਤਰ ਹੈ ਸਗੋਂ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਵੀ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ। ਮੇਰਾ ਮੰਨਨਾ ਹੈ ਕਿ ਪੰਜਾਬ ਤੇ ਕੇਂਦਰ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ‘ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ। ਉਨ੍ਹਾਂ ਲਿਖਿਆ ਕਿ ਜਿਸ ਮੁੱਦੇ ‘ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜ਼ੋਰ ਹੋਇਆ ਹੈ।