ਤਖ਼ਤ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਤਲਵੰਡੀ ਸਾਬੋ, 15 ਨਵੰਬਰ – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਵੱਡੀ ਗਿਣਤੀ ਸੰਗਤ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਈ। ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿੱਚ ਪਹਿਲੀ ਪਾਤਸ਼ਾਹੀ ਦੇ ਅਵਤਾਰ ਪੁਰਬ ਦੇ ਸਬੰਧ ’ਚ ਪਿਛਲੇ ਦੋ ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠਾਂ ਦੇ ਅੱਜ ਭੋਗ ਪਾਏ ਗਏ ਅਤੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕੀਤੀ ਗਈ। ਸੰਬੋਧਨ ਕਰਦਿਆਂ ਭਾਈ ਜਗਤਾਰ ਸਿੰਘ ਅਤੇ ਲੰਗਰ ਸੰਤ ਸੇਵਕ ਜਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਸੰਗਤ ਨੂੰ ਅਵਤਾਰ ਪੁਰਬ ਦੀ ਵਧਾਈ ਦਿੱਤੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ’ਤੇ ਚੱਲਣ ਦੀ ਅਪੀਲ ਕੀਤੀ।

ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਹਜ਼ੂਰੀ ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਤਖ਼ਤ ਸਾਹਿਬ ਦੇ ਕਥਾਵਾਚਕ ਭਾਈ ਜਗਤਾਰ ਸਿੰਘ ਕੀਰਤਨਪੁਰੀਆ ਨੇ ਗੁਰ ਇਤਿਹਾਸ ਬਾਰੇ ਸੰਗਤ ਨੂੰ ਚਾਨਣਾ ਪਾਇਆ। ਗੁਰਪੁਰਬ ਮੌਕੇ ਜਿੱਥੇ ਸ਼ਰਧਾਵਾਨਾਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਲੰਗਰ ਲਾਏ ਗਏ ਉੱਥੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸੰਗਤ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਤਖ਼ਤ ਸਾਹਿਬ ਅਤੇ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ। ਭੋਗਾਂ ਸਮੇਂ ਤਖ਼ਤ ਸਾਹਿਬ ਦੇ ਪ੍ਰਬੰਧਕੀ ਅਮਲੇ, ਨਗਰ ਦੇ ਮੋਹਤਵਰਾਂ ਅਤੇ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਇਲਾਕੇ ਦੀ ਨਾਮਵਰ ਧਾਰਮਿਕ ਸੰਸਥਾ ਗੁਰਦੁਆਰਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਨਾਲ ਮਨਾਇਆ ਗਿਆ। ਜਿੱਥੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾ ਕੇ ਅਰਦਾਸ ਕੀਤੀ ਗਈ ਤੇ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ। ਮਸਤੂਆਣਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਕਾਕਾ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਇਲਾਕੇ ਦੇ ਹੋਰ ਧਾਰਮਿਕ ਅਸਥਾਨਾਂ ਵਿੱਚ ਵੀ ਪਹਿਲੀ ਪਾਤਸ਼ਾਹੀ ਦਾ ਅਵਤਾਰ ਪੁਰਬ ਪੂਰਨਸ਼ਰਧਾ ਨਾਲ ਮਨਾਇਆ ਗਿਆ।

ਇੱਥੋਂ ਦੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿੱਚ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਸਮੇਂ ਸਕੂਲ ਨੂੰ ਬਹੁਤ ਹੀ ਸੋਹਣੇ ਤਰੀਕੇ ਨਾਲ ਸਜਾਇਆ ਗਿਆ। ਸਕੂਲ ਪ੍ਰਬੰਧਕਾਂ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਸ਼ਰਧਾ ਪੂਰਵਕ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ, ਉਪਰੰਤ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ।

ਸ਼ਹਿਣਾ (ਪੱਤਰ ਪ੍ਰੇਰਕ): ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿੱਚ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਦਿਹਾੜਾ ਉਤਸ਼ਾਹ ਅਤੇ ਸਰਧਾ ਨਾਲ ਮਨਾਇਆ ਗਿਆ। ਇਸ ਮੌਕੇ ਚਲ ਰਹੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਪ੍ਰਸਿੱਧ ਵਿਦਵਾਨ ਬਾਬਾ ਹਰਬੰਸ ਸਿੰਘ ਜੈਨਪੁਰ ਵਾਲਿਆਂ ਨੇ ਦੀਵਾਨ ਸਜਾਏ। ਉਨ੍ਹਾਂ ਨੇ ਸੰਗਤ ਨੂੰ ਗੁਰੂ, ਗੁਰਬਾਣੀ, ਗੁਰੂ ਘਰ ਅਤੇ ਬਾਣੇ ਨਾਲ ਜੁੜਨ ਦਾ ਸੱਦਾ ਦਿੱਤਾ। ਕਸਬੇ ਸ਼ਹਿਣਾ ਦੇ ਹੀ ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰਦੁਆਰਾ ਸ੍ਰੀ ਤ੍ਰਿਵੈਣੀ ਸਾਹਿਬ ਵਿਖੇ ਵੀ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਰਾਤ ਸਮੇਂ ਦੀਪਮਾਲਾ ਕੀਤੀ ਗਈ ਅਤੇ ਚਾਹ ਪਕੌੜਿਆਂ ਦੇ ਲੰਗਰ ਚਲਾਏ ਗਏ।

ਪ੍ਰਕਾਸ਼ ਪੁਰਬ ਮੌਕੇ ਭੁੱਚੋ ਮੰਡੀ ਵਿੱਚ ਨਗਰ ਕੀਰਤਨ ਸਜਾਇਆਭੁੱਚੋ ਮੰਡੀ (ਪਵਨ ਗੋਇਲ): ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਵਸ ਮੌਕੇ ਗੁਰੂ ਅਰਜਨ ਦੇਵ ਨਗਰ ਭੁੱਚੋ ਮੰਡੀ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਪ੍ਰਬੰਧਕਾਂ ਨੇ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ। ਇਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗਰੰਥ ਸਾਹਿਬ ਦੇ ਸਰੂਪ ਅੱਗੇ ਨਤਮਸਤਕ ਹੋਏ। ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਨਾਮਦੇਵ ਅਤੇ ਗੁਰਦੁਆਰਾ ਭਗਤ ਰਵੀਦਾਸ ਦੇ ਪ੍ਰਬੰਧਕਾਂ ਨੇ ਭਰਵਾਂ ਸੁਆਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਧਾਨ ਸਾਧੂ ਸਿੰਘ, ਡਾ. ਗੁਰਦੀਪ ਸਿੰਘ ਅਤੇ ਕਰਮ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਕੌਂਸਲਰ ਪ੍ਰਿੰਸ ਗੋਲਨ, ਰਾਜਵਿੰਦਰ ਰੰਗੀਲਾ, ਵਰਿੰਦਰ ਸਿੰਘ ਵਿੱਕੀ ਅਤੇ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸ਼ਮੂਲੀਅਤ ਕੀਤੀ।

ਸਾਂਝਾ ਕਰੋ

ਪੜ੍ਹੋ

ਜਿ਼ਮਨੀ ਚੋਣਾਂ: ਦਲ-ਬਦਲੀ ਅਤੇ ਪਰਿਵਾਰਵਾਦ/ਸੁਖਦੇਵ ਸਿੰਘ

ਭਾਰਤ ਦੇ ਹੋਰਨਾਂ ਸੂਬਿਆਂ ਦੇ ਨਾਲ-ਨਾਲ ਪੰਜਾਬ ਦੇ ਚਾਰ ਵਿਧਾਨ...